ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ
By admin / February 15, 2024 / No Comments / Punjabi News
ਪੰਜਾਬ : ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਸਾਥੀਆਂ ’ਤੇ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (The National Security Act)(ਐਨ.ਐਸ.ਏ.) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ (The Punjab and Haryana High Court) ਵਿੱਚ ਸੁਣਵਾਈ ਹੋਈ ਹੈ।
ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕਰਕੇ ਅਗਲੀ ਸੁਣਵਾਈ ਦੌਰਾਨ ਉਕਤ ਮਾਮਲੇ ਨਾਲ ਸਬੰਧਤ ਜਵਾਬ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਹਾਈ ਕੋਰਟ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰੀ ਔਜਲਾ, ਕੁਲਵੰਤ ਸਿੰਘ, ਬਸੰਤ ਸਿੰਘ ਅਤੇ ਗੁਰਮੀਤ ਸਿੰਘ ਬੁੱਕਣਵਾਲਾ ਨੇ ਉਨ੍ਹਾਂ ’ਤੇ ਲਗਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ।
ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈ ਕੋਰਟ ਵਿੱਚ ਅਦਾਲਤ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਇਸ ਤੋਂ ਪਹਿਲਾਂ ਜੇਲ੍ਹ ਸੁਪਰਡੈਂਟ ਤੋਂ ਇਸ ਮਾਮਲੇ ਵਿੱਚ ਜਾਣਕਾਰੀ ਮੰਗੀ ਸੀ, ਜਿਸ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ, ਦਲਜੀਤ ਸਿੰਘ ਕਲਸੀ ਅਤੇ ਹੋਰ ਸਾਥੀਆਂ ਨੇ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਤਹਿਤ ਗ੍ਰਿਫਤਾਰੀ ਰੱਦ ਕਰਨ ਲਈ ਹਾਈਕੋਰਟ ‘ਚ ਪਟੀਸ਼ਨ ਵੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ 19 ਫਰਵਰੀ ਨੂੰ ਹੈ। ਇਸ ਮਾਮਲੇ ਵਿੱਚ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਗਏ ਹਨ।