ਸ਼ਿਮਲਾ : ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਇੱਥੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐੱਚ.ਆਰ.ਟੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਰਾਜ ਦੇ ਲੋਕਾਂ ਨੂੰ ਆਵਾਜਾਈ ਦੀਆਂ ਸਹੂਲਤਾਂ ਦੇਣ ਲਈ ਨਿਗਮ ਦੀ ਸਭ ਤੋਂ ਅਹਿਮ ਭੂਮਿਕਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਰਾਜ ਸਰਕਾਰ ਕਾਰਪੋਰੇਸ਼ਨ ਨੂੰ ਚਲਾਉਣ ਲਈ ਹਰ ਸੰਭਵ ਸਹਿਯੋਗ ਦੇਵੇਗੀ।
ਸੁਖਵਿੰਦਰ ਸਿੰਘ ਸੁੱਖੂ ਨੇ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਲਈ ਨਿਗਮ ਵੱਲੋਂ 25 ਨਵੀਆਂ ਵੋਲਵੋ ਬੱਸਾਂ ਅਤੇ 50 ਟੈਂਪੋ ਟਰੈਵਲਰ ਖਰੀਦੇ ਜਾਣਗੇ। ਇਸ ਤੋਂ ਇਲਾਵਾ ਕਾਰਪੋਰੇਸ਼ਨ ਦੇ ਫਲੀਟ ਵਿੱਚ ਇਲੈਕਟ੍ਰਿਕ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, ਜਿਨ੍ਹਾਂ ਦੀ ਖਰੀਦ ਦੀ ਪ੍ਰਕਿਰਿਆ ਚੱਲ ਰਹੀ ਹੈ। ਚਾਲੂ ਵਿੱਤੀ ਸਾਲ ਦੌਰਾਨ ਇਲੈਕਟ੍ਰਿਕ ਬੱਸਾਂ ਦੀ ਖਰੀਦ ਲਈ 517 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਸੂਬੇ ਵਿੱਚ ਸੀਮਤ ਹਵਾਈ ਅਤੇ ਰੇਲ ਨੈੱਟਵਰਕ ਦੇ ਮੱਦੇਨਜ਼ਰ ਕਾਰਪੋਰੇਸ਼ਨ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਨਿਗਮ ਦੇ ਕਾਰਜਾਂ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਿਗਮ ਨੂੰ ਹਰ ਮਹੀਨੇ 63 ਕਰੋੜ ਰੁਪਏ ਦਿੱਤੇ ਜਾਣਗੇ।
ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਮੀਟਿੰਗ ਦੌਰਾਨ ਕਿਹਾ ਕਿ ਸੂਬੇ ਵਿੱਚ ਆਵਾਜਾਈ ਦੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਲੈਕਟ੍ਰਿਕ ਬੱਸਾਂ ਵਾਤਾਵਰਨ ਸੰਤੁਲਨ ਬਣਾਈ ਰੱਖਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਣਗੀਆਂ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਟਰਾਂਸਪੋਰਟ ਆਰ.ਡੀ. ਨਾਜ਼ਿਮ, ਮੁੱਖ ਮੰਤਰੀ ਦੇ ਸਕੱਤਰ ਰਾਕੇਸ਼ ਕੰਵਰ, ਐਚ.ਆਰ.ਟੀ.ਸੀ ਦੇ ਪ੍ਰਬੰਧ ਨਿਰਦੇਸ਼ਕ ਰੋਹਨ ਚੰਦ ਠਾਕੁਰ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ ਗੋਪਾਲ ਸ਼ਰਮਾ ਵੀ ਮੌਜੂਦ ਸਨ।