ਜਲੰਧਰ : ਜਲੰਧਰ ਸਥਿਤ ਆਦਮਪੁਰ ਏਅਰਪੋਰਟ (Adampur Airport) ਤੋਂ ਜਲਦ ਹੀ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਹਨ।ਇਸ ਸਬੰਧੀ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਜਲੰਧਰ ਵਾਸੀਆਂ ਦੀ ਸਹੂਲਤ ਲਈ ਇਕ ਲਿਖਤੀ ਪੱਤਰ ਵੀ ਸੌਂਪਿਆ ਸੀ।
ਹੁਣ ਸਰਕਾਰ ਨੇ ਇਸ ਬਾਰੇ ਫ਼ੈਸਲਾ ਲਿਆ ਹੈ। ਜਲਦ ਹੀ ਉਕਤ ਰੂਟ ‘ਤੇ ਉਡਾਣਾਂ ਸ਼ੁਰੂ ਹੋ ਜਾਣਗੀਆਂ।ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦਸਿਆ ਕਿ ਆਦਮਪੁਰ ਹਵਾਈ ਅੱਡੇ ਤੋਂ ਜਲਦੀ ਹੀ ਉਪਰੋਕਤ ਉਡਾਣਾਂ ਸ਼ੁਰੂ ਹੋਣਗੀਆਂ। ਜਿਸ ਕਾਰਨ ਸ਼ਹਿਰ ਦੇ ਲੋਕਾਂ ਨੂੰ ਦਿੱਲੀ ਜਾ ਕੇ ਫਲਾਈਟ ਨਹੀਂ ਲੈਣੀ ਪਵੇਗੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਸੰਸਦ ਮੈਂਬਰ ਨੂੰ ਲਿਖੇ ਪੱਤਰ ਦੇ ਜਵਾਬ ਵਿਚ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਇਹ ਹਵਾਈ ਅੱਡਾ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਹਵਾਈ ਅੱਡੇ ਤੋਂ ਉਕਤ ਉਡਾਣਾਂ ਸ਼ੁਰੂ ਹੋਣ ਨਾਲ ਦੋਆਬੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਜ਼ਿਕਰਯੋਗ ਹੈ ਕਿ ਇਸ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ‘ਤੇ ਰੱਖਣ ਦੀ ਮੰਗ ਸੰਸਦ ‘ਚ ਵੀ ਉਠਾਈ ਗਈ ਸੀ।