ਚੰਡੀਗੜ੍ਹ : ਵਿਜੀਲੈਂਸ ਬਿਊਰੋ (Vigilance Bureau) ਨੇ ਮੋਹਾਲੀ ਵਿਖੇ ਹੋਏ ਬਹੁ-ਕਰੋੜੀ ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਦੇ ਘੁਟਾਲੇ ਵਿਚ ਸਹਿ ਮੁਲਜ਼ਮ ਵਜੋਂ ਨਾਮਜ਼ਦ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ (Naib Tehsildar Jaskaran Singh Brar) ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਉਸ ਨੇ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰੂਦ ਦੇ ਬਾਗਾਂ ਦੀ ਮੁਆਵਜ਼ਾ ਵੰਡ ਘੁਟਾਲੇ ਵਿੱਚ ਉਸਦੀ ਭੂਮਿਕਾ ਦੇ ਸਾਹਮਣੇ ਆਉਣ ਤੋਂ ਬਾਅਦ ਜਸਕਰਨ ਸਿੰਘ ਬਰਾੜ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਜਾਅਲੀ ਲਾਭਪਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਇਸ ਮਾਮਲੇ ਦੇ ਮੁੱਖ ਮੁਲਜ਼ਮ ਜਸਕਰਨ ਸਿੰਘ ਬਰਾੜ ਦੀ ਆਪਸੀ ਮਿਲੀਭੁਗਤ ਸੀ।