ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ (Shahjahanpur) ਜ਼ਿਲੇ ‘ਚ ਗੰਗਾ ‘ਚ ਇਸ਼ਨਾਨ ਕਰਨ ਜਾ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਕਾਰ ਸੜਕ ਹਾਦਸੇ (Road Acciden) ਦਾ ਸ਼ਿਕਾਰ ਹੋ ਗਈ। ਗੱਡੀ ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਪੰਜ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਅਤੇ ਮ੍ਰਿਤਕ ਇਕ ਹੀ ਪਰਿਵਾਰ ਦੇ ਮੈਂਬਰ ਹਨ।
ਵਧੀਕ ਪੁਲਿਸ ਸੁਪਰਡੈਂਟ (ਸਿਟੀ) ਸੰਜੇ ਕੁਮਾਰ ਨੇ ਦੱਸਿਆ ਕਿ ਥਾਣੇ ਨਿਗੋਹੀ ਅਧੀਨ ਪੈਂਦੇ ਰਾਮਪੁਰ ਬਸੰਤ ਪਿੰਡ ਦਾ ਰਹਿਣ ਵਾਲਾ ਸਤਿੰਦਰ ਕੁਮਾਰ ਸਵੇਰੇ ਕਾਰ ਰਾਹੀਂ ਆਪਣੇ ਪਰਿਵਾਰ ਨਾਲ ਗੰਗਾ ਵਿੱਚ ਇਸ਼ਨਾਨ ਕਰਨ ਲਈ ਘਾਟੀਆਘਾਟ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਕਾਰ ਨਿਗੋਹੀ-ਸ਼ਾਹਜਹਾਨਪੁਰ ਰੋਡ ’ਤੇ ਡਾਲਮੀਆ ਸ਼ੂਗਰ ਮਿੱਲ ਕੋਲ ਪੁੱਜੀ ਤਾਂ ਗੰਨੇ ਨਾਲ ਲੱਦੀ ਟਰੈਕਟਰ-ਟਰਾਲੀ ਨਾਲ ਟਕਰਾ ਗਈ।
ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਡਾਕ ਵਿਭਾਗ ਵਿੱਚ ਪੋਸਟਮੈਨ ਵਜੋਂ ਕੰਮ ਕਰਦੇ ਸਤਿੰਦਰ ਕੁਮਾਰ (55) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੇ ਪਰਿਵਾਰ ਦੇ ਪੰਜ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਏਐਸਪੀ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦੋਂਕਿ ਟਰੈਕਟਰ ਚਾਲਕ ਘਟਨਾ ਤੋਂ ਬਾਅਦ ਫਰਾਰ ਹੋ ਗਿਆ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।