ਕਿਰਨ ਚੌਧਰੀ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
By admin / August 20, 2024 / No Comments / Punjabi News
ਚੰਡੀਗੜ੍ਹ : ਹਰਿਆਣਾ ‘ਚ ਕੁਝ ਮਹੀਨੇ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਈ ਕਿਰਨ ਚੌਧਰੀ (Kiran Chaudhary) ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਿਰਨ ਚੌਧਰੀ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਨੇ ਵੀ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਹੁਣ ਉਨ੍ਹਾਂ ਦੇ ਰਾਜ ਸਭਾ ਮੈਂਬਰ ਚੁਣੇ ਜਾਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਭਲਕੇ ਹਰਿਆਣਾ ਵਿੱਚ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਅੱਜ ਭਾਜਪਾ ਆਪਣੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਅਜਿਹੇ ‘ਚ ਕਿਰਨ ਚੌਧਰੀ ਦਾ ਦਾਅਵਾ ਸਭ ਤੋਂ ਮਜ਼ਬੂਤ ਮੰਨਿਆ ਜਾ ਰਿਹਾ ਹੈ। ਹਾਲਾਂਕਿ ਕੁਲਦੀਪ ਬਿਸ਼ਨੋਈ ਦੇ ਨਾਂ ਦੀ ਵੀ ਚਰਚਾ ਚੱਲ ਰਹੀ ਹੈ ਪਰ ਖਾਲੀ ਹੋਈ ਰਾਜ ਸਭਾ ਸੀਟ ਲਈ ਕਿਰਨ ਚੌਧਰੀ ਦੇ ਨਾਂ ਨੂੰ ਮਨਜ਼ੂਰੀ ਮਿਲਣ ਦੀ ਪੂਰੀ ਸੰਭਾਵਨਾ ਹੈ।
ਕਾਂਗਰਸ ਨਹੀਂ ਉਤਾਰ ਰਹੀ ਕੋਈ ਉਮੀਦਵਾਰ
ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਰਾਜ ਸਭਾ ਸੀਟ ਲਈ ਕੋਈ ਉਮੀਦਵਾਰ ਨਹੀਂ ਉਤਾਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੋਲ ਵਿਧਾਇਕਾਂ ਦੀ ਸੰਖਿਆ ਘੱਟ ਹੋਣ ਦੀ ਵਜ੍ਹਾ ਨਾਲ ਉਹ ਅਪਣੀ ਤਰਫੋਂ ਕੋਈ ਉਮੀਦਵਾਰ ਨਹੀਂ ਉਤਾਰਨ ਵਾਲੇ ਹਨ , ਦੂਜੇ ਪਾਸੇ ਸਾਬਕਾ ਉਪ ਮੁੱਖ ਮੰਤਰੀ ਅਤੇ ਜੇ.ਜੇ.ਪੀ. ਆਗੂ ਦੁਸ਼ਯੰਤ ਚੌਟਾਲਾ ਕਾਂਗਰਸ ‘ਤੇ ਉਮੀਦਵਾਰ ਉਤਾਰਨ ਦੇ ਲਈ ਲਗਾਤਾਰ ਦਬਾਅ ਬਣਾ ਰਹੇ ਹਨ।