ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਬਜਟ ਸਮਾਗਮ ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਤਹਿਤ ਇਹ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਪੰਜਾਬ ਸਰਕਾਰ 5 ਮਾਰਚ ਨੂੰ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰੇਗੀ।
ਬਜਟ ਇਜਲਾਸ ਦੇ ਪ੍ਰੋਗਰਾਮ ਅਨੁਸਾਰ ਇਹ ਸੈਸ਼ਨ ਇਕ ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 5 ਮਾਰਚ ਨੂੰ ਸਾਲ 2024-25 ਦੇ ਬਜਟ ਅਨੁਮਾਨ ਪੇਸ਼ ਕੀਤੇ ਜਾਣਗੇ ਅਤੇ 15 ਮਾਰਚ ਨੂੰ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਸਾਲ 2019 ਦੀ ਅਧਿਆਪਕ ਤਬਾਦਲਾ ਨੀਤੀ ਦੇ ਪੈਰਾ-9 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਅਧਿਆਪਕ ਕਾਡਰ ਦੇ ਉਨ੍ਹਾਂ ਕਰਮਚਾਰੀਆਂ ਦੇ ਵਡੇਰੇ ਹਿੱਤ ਵਿੱਚ ਕੀਤੀ ਗਈ ਹੈ, ਜੋ ਕਿ ਛੋਟ ਮੁਕਤ ਸ਼੍ਰੇਣੀ ਵਿੱਚ ਆਉਂਦੇ ਹਨ।

ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਵਿਭਾਗ ਵਿੱਚ ਗਰੁੱਪ-ਬੀ ਤੇ ਸੀ ਦੇ ਮੁਲਾਜ਼ਮਾਂ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ਨਾ ਸਿਰਫ ਲੜਾਈ ਦੇ ਮੈਦਾਨ ਵਿੱਚ ਅੱਗੇ ਰਿਹਾ ਸਗੋਂ ਆਪਣੇ ਸੈਨਿਕਾਂ ਦੀ ਭਲਾਈ ਵੀ ਅੱਗੇ ਰਿਹਾ ਹੈ। ਫੌਜੀ ਸੇਵਾ ਉਪਰੰਤ ਗਰੁੱਪ-ਬੀ ਅਤੇ ਸੀ ਦੇ ਮੁਲਾਜ਼ਮਾਂ ਦੀ ਨਿਯੁਕਤੀ ਗਈ ਹੈ ਅਤੇ ਹੁਣ ਉਨ੍ਹਾਂ ਦੇ ਸੇਵਾ ਨਿਯਮਾਂ ਨੂੰ ਅੰਤਮ ਰੂਪ ਦਿੱਤਾ ਗਿਆ ਹੈ।

Leave a Reply