ਪੰਜਾਬ : ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਅਜਿਹਾ ਹੀ ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਦੋ ਕਾਰੋਬਾਰੀਆਂ ਨੂੰ ਗੈਂਗਸਟਰ ਗੋਲਡੀ ਬਰਾੜ ਦੇ ਨਾਂ ‘ਤੇ ਫੋਨ ਆਇਆ ਹੈ। ਦੱਸਿਆ ਗਿਆ ਹੈ ਕਿ ਗੋਲਡੀ ਬਰਾੜ ਨੇ ਵਟਸਐਪ ਕਾਲ ਰਾਹੀਂ ਇਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਇਕ ਹੋਰ ਨੂੰ ਕਾਰੋਬਾਰ ਵਿਚ ਭਾਈਵਾਲ ਬਣਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਧਮਕੀ ਦਿੱਤੀ ਗਈ ਹੈ ਕਿ ਉਹ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਨਾ ਕਰੇ।
ਕਾਰੋਬਾਰੀ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਾਣਕਾਰੀ ਦਿੰਦਿਆਂ ਕਾਰੋਬਾਰੀ ਮੋਹਿਤ ਗਰੋਵਰ ਨੇ ਦੱਸਿਆ ਕਿ ਉਨ੍ਹਾਂ ਦੀ ਮੈਡੀਕਲ ਫੈਕਟਰੀ ਹੈ। ਉਸ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ‘ਤੇ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਕਰਵਾਈ ਅਤੇ ਉਸ ਨੂੰ ਕਾਰੋਬਾਰ ਵਿਚ ਭਾਈਵਾਲ ਬਣਾਉਣ ਲਈ ਕਿਹਾ। ਇਸ ਦੇ ਨਾਲ ਹੀ ਉਸ ਨੂੰ ਕਿਹਾ ਗਿਆ ਕਿ ਜੇਕਰ ਉਸ ਨੂੰ ਬਾਊਂਸਰ ਜਾਂ ਹੋਰ ਕਿਸੇ ਚੀਜ਼ ਦੀ ਲੋੜ ਹੈ ਤਾਂ ਉਹ ਉਸ ਨੂੰ ਦੇ ਦਿੱਤੀ ਜਾਵੇਗੀ। ਇਸ ਤੋਂ ਬਾਅਦ ਉਸ ਨੂੰ ਉਕਤ ਨੰਬਰ ਤੋਂ ਕਈ ਵਾਰ ਫੋਨ ਆਏ ਅਤੇ ਕਿਹਾ ਕਿ ਜੇਕਰ ਉਹ ਪੁਲਿਸ ਨੂੰ ਸ਼ਿਕਾਇਤ ਕਰੇਗਾ ਤਾਂ ਉਸ ਦੇ ਪਰਿਵਾਰ ਦਾ ਭਲਾ ਨਹੀਂ ਹੋਵੇਗਾ। ਇਸੇ ਤਰ੍ਹਾਂ ਮੋਹਾਲੀ ਦੇ ਪ੍ਰਾਪਰਟੀ ਡੀਲਰ ਬਸੰਤ ਨੂੰ ਵੀ ਗੋਲਡੀ ਬਰਾੜ ਦੇ ਨਾਂ ‘ਤੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ।