ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ (Chandigarh administration) ਨੇ 13 ਫਰਵਰੀ ਨੂੰ ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਵੱਡਾ ਫ਼ੈਸਲਾ ਲਿਆ ਹੈ। ਚੰਡੀਗੜ੍ਹ ਪੁਲਿਸ ਨੇ ਪੰਜਾਬ, ਹਰਿਆਣਾ ਤੇ ਦਿੱਲੀ ਨਾਲ ਲੱਗਦੀਆਂ ਹੱਦਾਂ ‘ਤੇ 60 ਦਿਨਾਂ ਲਈ ਧਾਰਾ 144 ਲਗਾ ਦਿੱਤੀ ਹੈ। ਜਾਣਕਾਰੀ ਮੁਤਾਬਕ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਡਿਸਟ੍ਰਿਕਟ ਮੈਨੇਜਰ ਦੇ ਹੁਕਮਾਂ ਮੁਤਾਬਕ ਹੁਣ 60 ਦਿਨਾਂ ਤੱਕ ਸ਼ਹਿਰ ‘ਚ 5 ਲੋਕਾਂ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ, ਧਰਨੇ-ਪ੍ਰਦਰਸ਼ਨ ਲਗਾਉਣ, ਟਰੈਕਟਰ-ਟਰਾਲੀਆਂ ‘ਤੇ ਮਾਰਚ ਕੱਢਣ ਤੇ ਹਥਿਆਰ ਲੈ ਕੇ ਘੁੰਮਣ ਆਦਿ ‘ਤੇ ਰੋਕ ਲਗਾ ਦਿੱਤੀ ਗਈ ਹੈ।

ਇਸ ਦੌਰਾਨ ਲੋਕਾਂ ਨੂੰ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਸ਼ਹਿਰ ‘ਚ ਅਮਨ-ਕਾਨੂੰਨ ਤੇ ਸ਼ਾਂਤੀ ਬਣੀ ਰਹੇ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਹਰਿਆਣਾ ਦੇ ਵੀ ਕਈ ਜ਼ਿਲ੍ਹਿਆਂ ‘ਚ 144 ਲਗਾ ਦਿੱਤੀ ਗਈ ਹੈ ਤੇ 3 ਦਿਨਾਂ ਲਈ ਇੰਟਰਨੈੱਟ ਵੀ ਬੰਦ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ 13 ਫਰਵਰੀ ਨੂੰ ਕਿਸਾਨਾਂ ਵੱਲੋਂ ਫਸਲਾਂ ਦੇ ਐੱਮ.ਐੱਸ.ਪੀ. ਨੂੰ ਲੈ ਕੇ ਦਿੱਲੀ ਵਿਖੇ ਧਰਨਾ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਭਲਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੁਲਾਕਾਤ ਹੋਵੇਗੀ, ਜਿਸ ਤੋਂ ਬਾਅਦ ਦਿੱਲੀ ਕੂਚ ਬਾਰੇ ਸਥਿਤੀ ਸਪੱਸ਼ਟ ਹੋ ਜਾਵੇਗੀ।

Leave a Reply