ਹੰਦਵਾੜਾ: ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਦੇ ਰਾਜਵਾਰ ਪਿੰਡ ‘ਚ ਇਕ ਦਰਦਨਾਕ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਲਾਮ ਰਸੂਲ ਭੱਟ, ਤਾਹਿਰ ਅਹਿਮਦ ਭੱਟ, ਰਿਫਤ ਆਰਾ ਅਤੇ ਸ਼ਬਨਮ ਆਰਾ ਵਜੋਂ ਹੋਈ ਹੈ। ਇਸ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਦੇ ਮੈਂਬਰ ਨੇੜਲੇ ਨਾਲੇ ‘ਚੋਂ ਪਾਣੀ ਭਰਨ ਲਈ ਇਕ ਵਾਹਨ ‘ਚ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਗੱਡੀ ਡੂੰਘੀ ਖਾਈ ਵਿੱਚ ਜਾ ਡਿੱਗੀ। ਇਸ ਤੋਂ ਤੁਰੰਤ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਕਾਰ ਵਿਚ ਸਵਾਰ ਸਾਰਿਆਂ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਪਹੁੰਚਣ ‘ਤੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਸ ਦੌਰਾਨ ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਕਾਫੀ ਸਮੇਂ ਤੋਂ ਪਾਣੀ ਦੀ ਸਮੱਸਿਆ ਸੀ ਅਤੇ ਮ੍ਰਿਤਕ ਆਪਣੇ ਲਈ ਪਾਣੀ ਲੈਣ ਲਈ ਬਾਹਰ ਗਏ ਹੋਏ ਸਨ। ਉਨ੍ਹਾਂ ਕਿਹਾ ਕਿ ਜੇਕਰ ਪਾਣੀ ਦੀ ਸਹੂਲਤ ਹੁੰਦੀ ਤਾਂ ਇਹ ਘਟਨਾ ਨਾ ਵਾਪਰਦੀ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਸਬੰਧਤ ਅਧਿਕਾਰੀਆਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈ ਲਿਆ ਹੈ।

Leave a Reply