ਇਸਲਾਮਾਬਾਦ : ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਹੈ ਕਿ ਅਮਰੀਕਾ, ਬਰਤਾਨੀਆ ਅਤੇ ਕੈਨੇਡਾ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ 30 ਮਿੰਟਾਂ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਵੀਰਵਾਰ ਨੂੰ ਲਾਹੌਰ ਵਿੱਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ ਨੂੰ ਮਿਲਣ ਤੋਂ ਬਾਅਦ ਨਕਵੀ ਦੀਆਂ ਟਿੱਪਣੀਆਂ ਆਈਆਂ, ਮੰਤਰੀ ਨੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਮੰਨਿਆ ਕਿ ਪਿਛਲੇ ਸਮੇਂ ਵਿੱਚ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਨਕਵੀ ਨੇ ਕਿਹਾ ਕਿ ਸਰਕਾਰ ਨੇ ਸਿੱਖਾਂ ਲਈ ਵੀਜ਼ਾ ਪ੍ਰਕਿਰਿਆ ਨੂੰ ਆਨਲਾਈਨ ਕਰਕੇ ਆਸਾਨ ਬਣਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ ਅਤੇ ਯੂ.ਕੇ. ਦੇ ਪਾਸਪੋਰਟ ਧਾਰਕ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਬਿਨਾਂ ਕਿਸੇ ਫੀਸ ਦੇ 30 ਮਿੰਟ ਦੇ ਅੰਦਰ ਆਪਣਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤ ਇਨ੍ਹਾਂ ਦੇਸ਼ਾਂ ਵਿੱਚ ਵਸਦੇ ਭਾਰਤੀ ਮੂਲ ਦੇ ਸਿੱਖਾਂ ਨੂੰ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪਾਕਿਸਤਾਨ ਵਿੱਚ ਬਹੁਤ ਸਾਰੀਆਂ ਸਿੱਖ ਵਿਰਾਸਤੀ ਥਾਵਾਂ ਨੂੰ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ ਅਤੇ ਕਿਸੇ ਪਰਮਿਟ ਦੀ ਲੋੜ ਨਹੀਂ ਹੋਵੇਗੀ। ਨਕਵੀ ਨੇ ਨੌਜਵਾਨ ਪੀੜ੍ਹੀ ਨੂੰ ਆਕਰਸ਼ਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਸਾਲਾਨਾ ਇਕ ਲੱਖ ਤੋਂ ਵਧਾ ਕੇ 10 ਲੱਖ ਕਰਨ ਦੀ ਇੱਛਾ ਪ੍ਰਗਟਾਈ। ਨਕਵੀ ਨੇ ਇਹ ਵੀ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ 124 ਦੇਸ਼ਾਂ ਦੇ ਨਾਗਰਿਕਾਂ ਲਈ ਮੁਫਤ ਵੀਜ਼ਾ ਸਹੂਲਤ ਸ਼ੁਰੂ ਕੀਤੀ ਹੈ।

Leave a Reply