ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਇਕੱਲੇ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਬਿਜਲੀ ਚੋਰੀ ਰੋਕੂ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ 38 ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

ਇਹ ਪ੍ਰਗਟਾਵਾ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਸੂਬੇ ਭਰ ਵਿੱਚ ਲਗਾਤਾਰ ਚੈਕਿੰਗ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿੱਚ 90, ਅੰਮ੍ਰਿਤਸਰ ਜ਼ੋਨ ਵਿੱਚ 79, ਬਠਿੰਡਾ ਜ਼ੋਨ ਵਿੱਚ 71, ਲੁਧਿਆਣਾ ਜ਼ੋਨ ਵਿੱਚ 29 ਅਤੇ ਜਲੰਧਰ ਜ਼ੋਨ ਵਿੱਚ 27 ਐਫ.ਆਈ.ਆਰ. ਦਰਜ ਕੀਤੀਆਂ ਹਨ।

ਇਹ ਐਫ.ਆਈ.ਆਰ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਤਹਿਤ ਦਰਜ ਕੀਤੇ ਜਾਣ ‘ਤੇ ਜ਼ੋਰ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ 37 ਆਊਟਸੋਰਸ ਮੀਟਰ ਰੀਡਰ ਅਤੇ ਇਕ ਸੁਪਰਵਾਈਜ਼ਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਰਖਾਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬਿਜਲੀ ਚੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਬਿਜਲੀ ਚੋਰੀ ਨਾਲ ਨਜਿੱਠਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਰੁੱਧ ਲਗਾਤਾਰ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਵਾਉਣ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਅਤੇ ਬਿਜਲੀ ਵਿਭਾਗ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ।

ਵਰਨਣਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਹਿਲਾਂ ਹੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਸ਼ੇਸ਼ ਨਿਰੀਖਣ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਨ੍ਹਾਂ ਨਿਰੀਖਣਾਂ ਦਾ ਉਦੇਸ਼ ਬਿਜਲੀ ਚੋਰੀ ਨੂੰ ਰੋਕਣਾ ਅਤੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹੋਣ ਵਾਲੇ ਵਿੱਤੀ ਨੁਕਸਾਨ ਦੀ ਭਰਪਾਈ ਕਰਨਾ ਹੈ।

Leave a Reply