ਚੰਡੀਗੜ੍ਹ : ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ 12 ਅਕਤੂਬਰ ਨੂੰ ਸੂਬੇ ਭਰ ਵਿੱਚ 3 ਘੰਟੇ ਲਈ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਬੀਤੇ ਦਿਨ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੜਕਾਂ ਜਾਮ ਕਰਨਗੇ। 14 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਆਪਣੀ ਅਗਲੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਕਰਨਗੇ। ਰਾਜੇਵਾਲ ਨੇ ਦੋਸ਼ ਲਾਇਆ ਕਿ ਸੂਬਾ ਅਤੇ ਕੇਂਦਰ ਦੋਵੇਂ ਸਰਕਾਰਾਂ ਕਿਸਾਨਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀਆਂ ਹਨ। ਉਨ੍ਹਾਂ ਸੂਬੇ ਦੇ ਲੋਕਾਂ ਤੋਂ ਅਗਾਊਂ ਮੁਆਫੀ ਮੰਗਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਇਹ ਕਦਮ ਚੁੱਕਣ ਲਈ ਮਜਬੂਰ ਹਨ ਕਿਉਂਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਸੂਬਾ ਸਰਕਾਰ ਤੱਕ ਪਹੁੰਚ ਕਰ ਚੁੱਕੇ ਹਨ, ਪਰ ਕੁਝ ਨਹੀਂ ਹੋਇਆ। ਉਨ੍ਹਾਂ ਸੂਬਾ ਵਾਸੀਆਂ ਨੂੰ ਇਸ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਭਲਕੇ ਪੰਜਾਬ ਭਰ ਵਿੱਚ ਰੇਲਾਂ ਰੋਕਣਗੇ। ਉਗਰਾਹਾਂ ਵੱਲੋਂ ਇਹ ਐਲਾਨ ਕਰਦਿਆਂ ਕਿਸਾਨਾਂ ਨੂੰ ਆਪਣੇ ਪਰਿਵਾਰਾਂ ਸਮੇਤ ਵੱਖ-ਵੱਖ ਧਰਨੇ ਸਥਾਨਾਂ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਕੱਲ ਦੁਪਹਿਰ ਯਾਨੀ 13 ਤਰੀਕ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਜ਼ਾਰਾਂ ਕਿਸਾਨ ਇਕੱਠੇ ਹੋ ਕੇ ਰੇਲਵੇ ਟਰੈਕ ‘ਤੇ ਧਰਨਾ ਦੇਣਗੇ।