ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਦਿੱਲੀ ਵਿੱਚ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀ.ਈ.ਓ ਜਯਾ ਵਰਮਾ ਸਿਨਹਾ, ਬੁਨਿਆਦੀ ਢਾਂਚਾ ਮੈਂਬਰ ਏ ਕੇ ਖੰਡੇਲਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ। ਜਦੋਂ ਰਵਨੀਤ ਬਿੱਟੂ ਨੇ ਚਾਰਜ ਸੰਭਾਲਿਆ ਤਾਂ ਉਨ੍ਹਾਂ ਦੀ ਪਤਨੀ, ਬੱਚੇ ਅਤੇ ਹੋਰ ਪਰਿਵਾਰਕ ਮੈਂਬਰ ਵੀ ਉਥੇ ਮੌਜੂਦ ਸਨ।

ਅਹੁਦਾ ਸੰਭਾਲਣ ਤੋਂ ਬਾਅਦ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਬਿੱਟੂ ਨੇ ਅੱਗੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਵੱਡੀ ਜ਼ਿੰਮੇਵਾਰੀ ਦੇ ਯੋਗ ਸਮਝਿਆ।

ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਅੱਜ ਰੇਲ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਬਿੱਟੂ ਨੇ ਕਿਹਾ ਕਿ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮਿਲ ਕੇ ਰੇਲਵੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਨੂੰ ਦਰਜਾ-4 ਦੇ ਮੁਲਾਜ਼ਮਾਂ ਤੋਂ ਲੈ ਕੇ ਗ੍ਰੇਡ-1 ਦੇ ਅਧਿਕਾਰੀਆਂ ਤੱਕ ਸਾਰਿਆਂ ਨੂੰ ਬਰਾਬਰ ਸਨਮਾਨ ਦੇ ਕੇ ਵਿਕਾਸ ਦੇ ਰਾਹ ‘ਤੇ ਲਿਜਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਬਿੱਟੂ ਨੇ ਲੁਧਿਆਣਾ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ਸੀ, ਪਰ ਕਾਂਗਰਸ ਉਮੀਦਵਾਰ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੋਂ ਹਾਰ ਗਏ ਸਨ।

Leave a Reply