ਚੰਡੀਗੜ੍ਹ : ਨੌਜਵਾਨ ਕਿਸਾਨ ਸ਼ੁਭਕਰਨ ਸਿੰਘ (Farmer Subhakaran Singh) ਦੀ ਬੁੱਧਵਾਰ ਨੂੰ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ । ਇਹ ਘਟਨਾ ਬੇਹੱਦ ਦੁਖਦਾਈ ਹੈ। ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪ੍ਰਧਾਨ ਸੁਨੀਲ ਜਾਖੜ (Punjab President Sunil Jakhar) ਨੇ ਕਿਹਾ ਕਿ ਉਸਦੀ ਮੌਤ ਲਈ ਜਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਜਰੂਰ ਹੋਣੀ ਚਾਹੀਦੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ।
ਜਾਖੜ ਨੇ ਕਿਹਾ ਕਿ ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜਿੰਦਗੀ ਅਨਮੋਲ ਹੈ। ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ।
ਜਾਖੜ ਨੇ ਕਿਹਾ ਕਿ ਇਸ ਅੰਦੋਲਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵੱਧਣਾ ਚਾਹੀਦਾ ਹੈ।
ਦੱਸ ਦਈਏ ਕਿ 23 ਸਾਲਾਂ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।ਉਹ ਦੋ ਭੈਣਾਂ ਦਾ ਇਕਲੌਤੇ ਭਰਾ ਸੀ ਅਤੇ ਪੰਜ ਏਕੜ ਜ਼ਮੀਨ ਦੇ ਮਾਲਿਕ ਸੀ ।