ਸੁਪਰੀਮ ਕੋਰਟ ਨੇ ਸੰਜੈ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ED ਨੂੰ ਨੋਟਿਸ ਭੇਜ ਮੰਗਿਆ ਜਵਾਬ
By admin / February 26, 2024 / No Comments / Punjabi News
ਨਵੀਂ ਦਿੱਲੀ : ਸੁਪਰੀਮ ਕੋਰਟ (The Supreme Court) ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ ‘ਚ ਬੰਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ (Rajya Sabha member Sanjay Singh) ਦੀ ਜ਼ਮਾਨਤ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (The Enforcement Directorate) ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।
ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਸੰਜੈ ਸਿੰਘ ਵੱਲੋਂ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਹੈ। ਦਿੱਲੀ ਹਾਈ ਕੋਰਟ ਨੇ ਇਸ ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਬੈਂਚ ਨੇ ਜ਼ਮਾਨਤ ਪਟੀਸ਼ਨ ਨੂੰ ਸੰਜੈ ਸਿੰਘ ਦੀ ਇਕ ਹੋਰ ਪਟੀਸ਼ਨ ਨਾਲ ਜੋੜਿਆ ਹੈ, ਜਿਸ ਵਿਚ ਉਨ੍ਹਾਂ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ।
ਸੰਜੇ ਸਿੰਘ ਦੀ ਤਰਫੋਂ ਅਦਾਲਤ ਵਿੱਚ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਜ਼ਮਾਨਤ ਪਟੀਸ਼ਨ ‘ਤੇ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਅਤੇ ਪਟੀਸ਼ਨ ਨੂੰ ਲੰਬਿਤ ਕੇਸ ਨਾਲ ਜੋੜਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੈਂਡਿੰਗ ਕੇਸ ਦੀ ਸੁਣਵਾਈ 5 ਮਾਰਚ ਨੂੰ ਹੋਣੀ ਹੈ, ਇਸ ਲਈ ਦੋਵਾਂ ਕੇਸਾਂ ਦੀ ਸੁਣਵਾਈ ਇਕੱਠੀ ਕੀਤੀ ਜਾਵੇ। ਬੈਂਚ ਨੇ ਸਿੰਘਵੀ ਦੀ ਬੇਨਤੀ ‘ਤੇ ਸਹਿਮਤੀ ਜਤਾਈ ਤੇ ਕਿਹਾ ਕਿ ਦੋਵੇਂ ਪਟੀਸ਼ਨਾਂ ‘ਤੇ ਇਕੱਠੇ ਵਿਚਾਰ ਕੀਤਾ ਜਾਵੇਗਾ।
ਹਾਈ ਕੋਰਟ ਨੇ 7 ਫਰਵਰੀ ਨੂੰ ਖਾਰਿਜ ਕਰ ਦਿੱਤੀ ਸੀ ਪਟੀਸ਼ਨ
ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ 7 ਫਰਵਰੀ ਨੂੰ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਉਦੋਂ ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਸੁਣਵਾਈ ਸ਼ੁਰੂ ਹੋਣ ‘ਤੇ ਇਸ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਸੰਜੇ ਸਿੰਘ ਨੂੰ ਈਡੀ ਨੇ 4 ਅਕਤੂਬਰ 2023 ਨੂੰ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।