ਸੁਪਰੀਮ ਕੋਰਟ ਨੇ CM ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 5 ਸਤੰਬਰ ਤੱਕ ਕੀਤੀ ਮੁਲਤਵੀ
By admin / August 23, 2024 / No Comments / Punjabi News
ਨਵੀਂ ਦਿੱਲੀ: ਸੁਪਰੀਮ ਕੋਰਟ (The Supreme Court) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਅਤੇ ਕਥਿਤ ਆਬਕਾਰੀ ਨੀਤੀ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ 5 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਯਨ ਦੀ ਬੈਂਚ ਨੇ ਸੀ.ਬੀ.ਆਈ. ਨੂੰ ਇਸ ਮਾਮਲੇ ਵਿੱਚ ਜਵਾਬੀ ਹਲਫ਼ਨਾਮਾ ਦਾਇਰ ਕਰਨ ਦੀ ਇਜਾਜ਼ਤ ਦਿੱਤੀ ਅਤੇ ਕੇਜਰੀਵਾਲ ਨੂੰ ਜਵਾਬ ਦਾਖ਼ਲ ਕਰਨ ਲਈ ਦੋ ਦਿਨਾਂ ਦਾ ਸਮਾਂ ਦਿੱਤਾ।
ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਸੀ.ਬੀ.ਆਈ. ਨੇ ਸਿਰਫ਼ ਇੱਕ ਪਟੀਸ਼ਨ ‘ਤੇ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਹੈ ਅਤੇ ਇਹ ਬੀਤੀ ਰਾਤ 8 ਵਜੇ ਉਨ੍ਹਾਂ ਨੂੰ ਦਿੱਤਾ ਗਿਆ। ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ ਰਾਜੂ ਨੇ ਕਿਹਾ ਕਿ ਉਹ ਇੱਕ ਹਫ਼ਤੇ ਵਿੱਚ ਆਪਣਾ ਜਵਾਬ ਦਾਖ਼ਲ ਕਰਨਗੇ। ਇਸ ਤੋਂ ਬਾਅਦ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਤੈਅ ਕੀਤੀ ਹੈ। ਸੁਪਰੀਮ ਕੋਰਟ ਨੇ 14 ਅਗਸਤ ਨੂੰ ਕੇਸ ਵਿੱਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਸੀ। ਕੇਜਰੀਵਾਲ ਨੂੰ ਸੀ.ਬੀ.ਆਈ. ਨੇ 26 ਜੂਨ ਨੂੰ ਗ੍ਰਿਫਤਾਰ ਕੀਤਾ ਸੀ।