ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (The Central Bureau of Investigation) ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਗ੍ਰਿਫਤਾਰ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੀ ਨੇਤਾ ਕੇ. ਕਵਿਤਾ (Bharat Rashtra Samiti Leader K. Kavita) ਨੂੰ ਬੀਤੇ ਦਿਨ ਇੱਥੇ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦੀ ਪੰਜ ਦਿਨ ਦੀ ਪੁਲਿਸ ਹਿਰਾਸਤ ਮੰਗੀ ਗਈ। ਹਾਲਾਂਕਿ ਅਦਾਲਤ ਨੇ ਸੀਬੀਆਈ ਦੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਹੈ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਕਵਿਤਾ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੀ ਸੀ ਅਤੇ ਸਵਾਲਾਂ ਦੇ ਜਵਾਬ ਦੇਣ ਤੋਂ ਬਚ ਰਹੀ ਸੀ। ਮੁਲਜ਼ਮ ਦੇ ਵਕੀਲ ਨਿਤੀਸ਼ ਰਾਣਾ ਨੇ ਸੀਬੀਆਈ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਿਆ। ਸੀਬੀਆਈ ਅਧਿਕਾਰੀਆਂ ਨੇ ਹਾਲ ਹੀ ਵਿੱਚ ਵਿਸ਼ੇਸ਼ ਅਦਾਲਤ ਤੋਂ ਇਜਾਜ਼ਤ ਲੈ ਕੇ ਕਵਿਤਾ ਤੋਂ ਜੇਲ੍ਹ ਅੰਦਰ ਪੁੱਛਗਿੱਛ ਕੀਤੀ ਸੀ।

ਬੀਆਰਐਸ ਨੇਤਾ ਤੋਂ ਇਸ ਮਾਮਲੇ ਦੇ ਸਹਿ-ਦੋਸ਼ੀ ਬੁਚੀ ਬਾਬੂ ਦੇ ਫੋਨ ਤੋਂ ਬਰਾਮਦ ਕੀਤੇ ਗਏ ਜ਼ਮੀਨੀ ਸੌਦੇ ਨਾਲ ਸਬੰਧਤ ਵਟਸਐਪ ਚੈਟ ਅਤੇ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਗਈ ਸੀ। ਦੋਸ਼ ਹੈ ਕਿ ਆਬਕਾਰੀ ਨੀਤੀ ਵਿੱਚ ਕਥਿਤ ਬਦਲਾਅ ਲਈ ਆਮ ਆਦਮੀ ਪਾਰਟੀ (ਆਪ) ਨੂੰ 100 ਕਰੋੜ ਰੁਪਏ ਰਿਸ਼ਵਤ ਵਜੋਂ ਦਿੱਤੇ ਗਏ ਸਨ। ਈਡੀ ਨੇ ਕਵਿਤਾ (46) ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਰਿਹਾਇਸ਼ ਤੋਂ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹੈ।

Leave a Reply