ਅਮਰੀਕਾ: ਅਜਨਾਲਾ ਦੇ ਸਰਹੱਦੀ ਪਿੰਡ ਇਬਰਾਹਿਮਪੁਰਾ (Ibrahimpura) ਦੇ ਰਹਿਣ ਵਾਲੇ ਜੁਗਰਾਜ ਸਿੰਘ (Jugraj Singh) ਪੁੱਤਰ ਦਿਲਬਾਗ ਸਿੰਘ ਦੀ ਅੱਜ ਸਵੇਰੇ ਭਾਰਤੀ ਸਮੇਂ ਅਨੁਸਾਰ ਅਮਰੀਕਾ (America) ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦਿਲਬਾਗ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਲੜਕਾ ਕਰੀਬ 13 ਮਹੀਨੇ ਪਹਿਲਾਂ ਇਕ ਏਜੰਟ ਰਾਹੀਂ 43 ਲੱਖ ਰੁਪਏ ਖਰਚ ਕੇ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਪਹੁੰਚਿਆ ਸੀ। ਉਸ ਨੇ ਦੱਸਿਆ ਕਿ ਜੁਗਰਾਜ ਸਿੰਘ ਨੂੰ ਆਪਣੇ ਡਰਾਈਵਿੰਗ ਲਾਇਸੈਂਸ ਦੀ ਸੂਚਨਾ ਬੀਤੇ ਦਿਨ ਹੀ ਮਿਲੀ ਸੀ, ਜਿਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਆ ਰਿਹਾ ਸੀ।

ਰਸਤੇ ‘ਚ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਸ ਦੀ ਜਾਣਕਾਰੀ ਉੱਥੇ ਹੀ ਰਹਿਣ ਵਾਲੇ ਜੁਗਰਾਜ ਸਿੰਘ ਦੇ ਦੋਸਤ ਜੋਬਨਪ੍ਰੀਤ ਸਿੰਘ ਨੇ ਪਰਿਵਾਰ ਨੂੰ ਦਿੱਤੀ। ਦਿਲਬਾਗ ਸਿੰਘ ਨੇ ਅੱਗੇ ਦੱਸਿਆ ਕਿ ਜੁਗਰਾਜ ਸਿੰਘ ਜਨਵਰੀ 2023 ਵਿੱਚ 43 ਲੱਖ ਰੁਪਏ ਲਗਾ ਕੇ ਅਮਰੀਕਾ ਚਲਾ ਗਿਆ ਸੀ ਅਤੇ ਸਾਡੇ ਪੂਰੇ ਪਰਿਵਾਰ ਨੂੰ ਉਸ ਤੋਂ ਬਹੁਤ ਉਮੀਦਾਂ ਸਨ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ, ਉਸ ਨੇ ਜੁਗਰਾਜ ਸਿੰਘ ਨੂੰ ਸਾਡੇ ਕੋਲੋਂ ਸਦਾ ਲਈ ਖੋਹ ਲਿਆ।

ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਅਸੀਂ ਉਸ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਹੀ ਕਰ ਸਕੀਏ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਜੁਗਰਾਜ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਪਰਿਵਾਰ ਨੂੰ ਤਸਵੀਰ ਭੇਜੀ ਸੀ, ਜੋ ਉਸ ਦੀ ਆਖਰੀ ਤਸਵੀਰ ਨਿਕਲੀ। ਮ੍ਰਿਤਕ ਜੁਗਰਾਜ ਸਿੰਘ ਦੇ 4 ਭੈਣ-ਭਰਾ ਸਨ, ਉਸ ਦੀਆਂ 2 ਵੱਡੀਆਂ ਭੈਣਾਂ ਹਨ, ਜੋ ਵਿਆਹੀਆਂ ਹੋਈਆਂ ਹਨ ਅਤੇ ਜੁਗਰਾਜ ਸਿੰਘ ਸਾਰੇ ਭੈਣ-ਭਰਾਵਾਂ ਤੋਂ ਛੋਟਾ ਸੀ।

ਦੂਜੇ ਪਾਸੇ ਜਦੋਂ ਇਸ ਦੁੱਖਦਾਈ ਖ਼ਬਰ ਬਾਰੇ ਜਾਣਕਾਰੀ ਮਿਲੀ ਤਾਂ ਐੱਨ. ਆਰ.ਆਈ. ਇਸ ਮਾਮਲੇ ਸਬੰਧੀ ਜਦੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਨੂੰ ਮਿਲੇ ਤਾਂ ਉਨ੍ਹਾਂ ਤੁਰੰਤ ਮ੍ਰਿਤਕ ਨੌਜਵਾਨ ਜੁਗਰਾਜ ਸਿੰਘ ਦੇ ਪਿਤਾ ਦਿਲਬਾਗ ਸਿੰਘ ਨਾਲ ਫੋਨ ‘ਤੇ ਗੱਲ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਭਰੋਸਾ ਦਿੱਤਾ ਕਿ ਅਸੀਂ ਜਲਦੀ ਹੀ ਅਮਰੀਕਾ ਸਥਿਤ ਭਾਰਤੀ ਅੰਬੈਸੀ ਨਾਲ ਸੰਪਰਕ ਕਰਕੇ ਜੁਗਰਾਜ ਦੀ ਲਾਸ਼ ਭਾਰਤ ਲਿਆਵਾਂਗੇ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

Leave a Reply