ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਪੰਜਵੇਂ ਗੇੜ ਦੀ ਮੀਟਿੰਗ ਲਈ ਦਿੱਤਾ ਸੱਦਾ
By admin / February 20, 2024 / No Comments / Punjabi News
ਨਵੀਂ ਦਿੱਲੀ: ਕਿਸਾਨਾਂ ਅਤੇ ਕੇਂਦਰ ਵਿਚਾਲੇ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਕਿ ਬੇਸਿੱਟਾਂ ਨਿਕਲੀਆਂ ਜਿਸ ਕਾਰਨ ਅੱਜ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤੀ ਹੈ ਇਸ ਵਿਚਾਲੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦੇ ਦਿੱਤਾ ਗਿਆ ਹੈ। ਕਿਸਾਨ ਅਤੇ ਕੇਂਦਰ ਵਿਚਾਲੇ ਇਹ 5ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਬਾਰੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕੀਤਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿਚ MSP ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, FIR ਵਰਗੇ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।
ਦੱਸ ਦੇਈਏ ਕਿ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਨਿਤਿਆਨੰਦ ਰਾਏ ਅਤੇ ਅਰਜੁਨ ਮੁੰਡਾ ਨਾਲ 4 ਗੇੜ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਵਿਚ ਹਨ। ਕਿਸਾਨ ਅੰਦੋਲਨ ਵਿਚ ਸ਼ਾਮਲ 14,000 ਕਿਸਾਨ ਆਪਣੇ ਟਰੈਕਟਰਾਂ-ਟਰਾਲੀਆਂ ਅਤੇ ਜੇ. ਸੀ. ਬੀ. ਮਸ਼ੀਨਾਂ ਨਾਲ ਅੱਗੇ ਵੱਧਣ ਦੀ ਕੋਸ਼ਿਸ਼ ‘ਚ ਹਨ। ਕਿਸਾਨਾਂ ਦੇ ਇਕੱਠ ਨੂੰ ਵੇਖਦੇ ਹੋਏ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਭਾਰੀ ਪੁਲਸ ਫੋਰਸ ਤਾਇਨਾਤ ਹੈ ਅਤੇ ਪੁਲਸ ਵਲੋਂ ਸਖ਼ਤ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨ ਪੋਕਲੇਨ, ਜੇ. ਸੀ. ਬੀ. ਟਿਪਰ ਨੂੰ ਲੈ ਕੇ ਪੰਜਾਬ-ਹਰਿਆਣਾ ਦੀ ਖਨੌਰੀ ਅਤੇ ਸ਼ੰਭੂ ਬਾਰਡਰ ਵੱਲ ਵਧ ਰਹੇ ਹਨ।
ਕੀ ਹਨ ਕਿਸਾਨਾਂ ਦੀਆਂ ਮੰਗਾਂ
ਕਿਸਾਨ 23 ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਅਤੇ ਉਨ੍ਹਾਂ ਦੇ ਕਰਜ਼ੇ ਦੀ ਮੁਆਫੀ ਦੀ ਮੰਗ ਕਰ ਰਹੇ ਹਨ। ਉਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿਚ ਕੋਈ ਵਾਧਾ ਨਾ ਕਰਨ, ਪੁਲਿਸ ਕੇਸ ਵਾਪਸ ਲੈਣ ਅਤੇ 2021 ਦੇ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ “ਇਨਸਾਫ਼”, ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਦੀ ਮੰਗ ਕਰਦੇ ਹਨ। ਇਸ ਤੋਂ ਇਲਾਵਾ 2020-21 ਵਿਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਵੀ ਗੱਲ ਕਰ ਰਹੇ ਹਨ।