ਰਾਜਸਥਾਨ : ਰਾਜਸਥਾਨ ਦੇ ਉਦੈਪੁਰ ਸ਼ਹਿਰ (Udaipur City) ‘ਚ 10ਵੀਂ ਜਮਾਤ ਦੇ ਵਿਦਿਆਰਥੀ ‘ਤੇ ਇਸੇ ਸਕੂਲ ਦੇ ਇਕ ਹੋਰ ਵਿਦਿਆਰਥੀ ਵਲੋਂ ਚਾਕੂ ਨਾਲ ਹਮਲਾ ਕੀਤੇ ਜਾਣ ਦੀ ਘਟਨਾ ਤੋਂ ਬਾਅਦ ਸਥਿਤੀ ਬੇਹੱਦ ਤਣਾਅਪੂਰਨ ਬਣ ਗਈ ਹੈ। ਇਸ ਘਟਨਾ ਕਾਰਨ ਸ਼ਹਿਰ ਵਿੱਚ ਹਿੰਸਾ ਅਤੇ ਅਸ਼ਾਂਤੀ ਫੈਲ ਗਈ ਹੈ, ਜਿਸ ਵਿੱਚ ਕਈ ਵਾਹਨਾਂ ਨੂੰ ਸਾੜ ਦਿੱਤਾ ਗਿਆ ਹੈ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਇਹ ਘਟਨਾ ਸੂਰਜਪੋਲ ਥਾਣਾ ਖੇਤਰ ਦੇ ਭੱਟਿਆਨੀ ਚੌਹੱਟਾ ਸਥਿਤ ਸਰਕਾਰੀ ਹਾਇਰ ਸੈਕੰਡਰੀ ਸਕੂਲ ਦੀ ਹੈ। ਹਮਲੇ ਵਿੱਚ ਜ਼ਖ਼ਮੀ ਹੋਏ ਵਿਦਿਆਰਥੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਇਲਾਜ ਲਈ ਆਈ.ਸੀ.ਯੂ. ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਡਾਕਟਰ ਲਗਾਤਾਰ ਉਸ ਦੀ ਹਾਲਤ ‘ਤੇ ਨਜ਼ਰ ਰੱਖ ਰਹੇ ਹਨ। ਇਸ ਘਟਨਾਕ੍ਰਮ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਕਈ ਕਦਮ ਚੁੱਕੇ ਹਨ। ਪੁਲਿਸ ਨੇ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ, ਜਿਸ ਤਹਿਤ ਇੱਕ ਥਾਂ ’ਤੇ ਚਾਰ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਹੈ। ਨਾਲ ਹੀ ਅਫਵਾਹਾਂ ਅਤੇ ਗਲਤ ਸੂਚਨਾਵਾਂ ਨੂੰ ਫੈਲਣ ਤੋਂ ਰੋਕਣ ਲਈ ਸ਼ਨੀਵਾਰ ਰਾਤ 10 ਵਜੇ ਤੱਕ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਅਗਲੇ ਹੁਕਮਾਂ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ ‘ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 17 ਅਗਸਤ, 2024 ਤੋਂ ਅਗਲੇ ਹੁਕਮਾਂ ਤੱਕ ਛੁੱਟੀ ਘੋਸ਼ਿਤ ਕੀਤੀ ਗਈ ਹੈ।’ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਹਿੰਸਾ ਨੂੰ ਰੋਕਣ ਲਈ ਉਦੈਪੁਰ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਵੱਖ-ਵੱਖ ਇਲਾਕਿਆਂ ‘ਚ ਗਸ਼ਤ ਵਧਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਕਾਰਨ ਇਹ ਹਮਲਾ ਹੋਇਆ ਹੈ। ਦੋ ਵਿਦਿਆਰਥੀਆਂ ਵਿਚਾਲੇ ਝਗੜੇ ਤੋਂ ਬਾਅਦ ਇਕ ਵਿਦਿਆਰਥੀ ਨੇ ਦੂਜੇ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।

ਘਟਨਾ ਤੋਂ ਬਾਅਦ ਕਈ ਹਿੰਦੂ ਸੰਗਠਨਾਂ ਦੇ ਲੋਕ ਇਕੱਠੇ ਹੋ ਗਏ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸ਼ਰਾਰਤੀ ਅਨਸਰਾਂ ਨੇ ਅਸ਼ਵਨੀ ਬਾਜ਼ਾਰ ਸਮੇਤ ਹੋਰ ਇਲਾਕਿਆਂ ‘ਚ ਗੱਡੀਆਂ ਨੂੰ ਅੱਗ ਲਗਾ ਦਿੱਤੀ। ਪੁਲਿਸ ਸੁਪਰਡੈਂਟ ਉਮੇਸ਼ ਓਝਾ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪੁਲਿਸ ਅਤੇ ਪ੍ਰਸ਼ਾਸਨ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰ ਰਿਹਾ ਹੈ ਅਤੇ ਸਥਿਤੀ ਨੂੰ ਆਮ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

Leave a Reply