ਲੁਧਿਆਣਾ : ਐਂਟੀ ਨਾਰਕੋਟਿਕਸ ਸੈੱਲ (Anti-narcotics cell) ਦੀ ਪੁਲਿਸ ਨੇ ਆਈਸ ਵਰਗੇ ਖ਼ਤਰਨਾਕ ਨਸ਼ੀਲੇ ਪਦਾਰਥ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਡੇਵਿਸ ਕਪੂਰ ਉਰਫ ਦੀਪ ਵਾਸੀ ਬੇਦੀ ਕਲੋਨੀ ਮਿਹਰਬਾਨ ਵਜੋਂ ਹੋਈ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 20 ਗ੍ਰਾਮ ਆਈਸ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਇੱਕ ਦਿਨ ਦੇ ਰਿਮਾਂਡ ’ਤੇ ਲਿਆ ਗਿਆ ਹੈ।
ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਸ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਮਿਹਰਬਾਨ ਇਲਾਕੇ ‘ਚ ਗਸ਼ਤ ‘ਤੇ ਮੌਜੂਦ ਸੀ। ਇਸੇ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਡੇਵਿਸ ਕਪੂਰ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ। ਉਹ ਆਈਸ ਵਰਗੇ ਖ਼ਤਰਨਾਕ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਹੈ। ਮੁਲਜ਼ਮ ਨੂੰ ਸਪਲਾਈ ਕਰਦੇ ਸਮੇਂ ਪੁਲਿਸ ਨੇ ਚੌਕੀ ’ਤੇ ਰੋਕ ਕੇ ਤਲਾਸ਼ੀ ਲੈਣ ’ਤੇ 20 ਗ੍ਰਾਮ ਆਈਸ ਨਸ਼ੀਲਾ ਪਦਾਰਥ ਬਰਾਮਦ ਹੋਇਆ।
ਪੁਲਿਸ ਅਨੁਸਾਰ ਮੁਲਜ਼ਮ ਖ਼ਿਲਾਫ਼ ਵੀ.ਐਨ.ਡੀ.ਪੀ.ਐਸ ਐਕਟ ਤਹਿਤ ਦੋ ਕੇਸ ਦਰਜ ਹਨ ਅਤੇ ਉਹ ਲੰਮਾ ਸਮਾਂ ਜੇਲ੍ਹ ਕੱਟਣ ਮਗਰੋਂ ਕਰੀਬ 5 ਮਹੀਨੇ ਪਹਿਲਾਂ ਜ਼ਮਾਨਤ ’ਤੇ ਬਾਹਰ ਆਇਆ ਸੀ। ਜਦੋਂ ਮੁਲਜ਼ਮ ਨੂੰ ਕੋਈ ਕੰਮ ਨਾ ਮਿਲਿਆ ਤਾਂ ਉਸ ਨੇ ਫਿਰ ਤੋਂ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਆਈਸ ਡਰੱਗ ਕਿੱਥੋਂ ਸਪਲਾਈ ਕਰਦਾ ਹੈ।