ਭੋਪਾਲ: ਕਾਂਗਰਸ (The Congress) ਨੇ ਮੱਧ ਪ੍ਰਦੇਸ਼ ਦੇ ਦੋ ਵਿਧਾਨ ਸਭਾ ਹਲਕਿਆਂ ਬੁਧਨੀ ਅਤੇ ਵਿਜੇਪੁਰ ‘ਚ ਹੋਣ ਵਾਲੀਆਂ ਉਪ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ (Star Campaigners) ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਥਾਵਾਂ ਲਈ ਪਾਰਟੀ ਨੇ ਆਪਣੇ ਕੁੱਲ 40 ਆਗੂਆਂ ਤੇ ਜਨ ਪ੍ਰਤੀਨਿਧੀਆਂ ਨੂੰ ਸਟਾਰ ਪ੍ਰਚਾਰਕ ਐਲਾਨਿਆ ਹੈ।
ਸੂਚੀ ਵਿੱਚ ਕਾਂਗਰਸ ਦੇ ਸੂਬਾ ਇੰਚਾਰਜ ਜਤਿੰਦਰ ਸਿੰਘ, ਸੂਬਾ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਉਮੰਗ ਸਿੰਘਰ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਕਮਲਨਾਥ, ਦਿਗਵਿਜੇ ਸਿੰਘ ਦੇ ਨਾਲ-ਨਾਲ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਵੀ ਦੋਵਾਂ ਥਾਵਾਂ ‘ਤੇ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਰਾਜਸਥਾਨ ਦੇ ਵਿਧਾਇਕ ਅਤੇ ਪਾਰਟੀ ਦੇ ਸੀਨੀਅਰ ਆਗੂ ਸਚਿਨ ਪਾਇਲਟ ਵੀ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨਗੇ।
ਸਾਬਕਾ ਕੇਂਦਰੀ ਮੰਤਰੀ ਕਾਂਤੀਲਾਲ ਭੂਰੀਆ ਅਤੇ ਅਰੁਣ ਯਾਦਵ ਨੂੰ ਵੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਸਾਬਕਾ ਨੇਤਾ ਅਜੈ ਸਿੰਘ ਵੀ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਚੋਣ ਪ੍ਰਚਾਰ ਕਰਨ ਜਾ ਰਹੇ ਹਨ। ਕਾਂਗਰਸ ਨੇ ਰਾਜਸਥਾਨ ਤੋਂ ਆਪਣੀ ਨੌਜਵਾਨ ਸੰਸਦ ਮੈਂਬਰ ਸੰਜਨਾ ਜਾਟਵ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸੰਜਨਾ ਜਾਟਵ ਦੇਸ਼ ਦੀ ਸਭ ਤੋਂ ਛੋਟੀ ਉਮਰ ਦੀ ਸੰਸਦ ਮੈਂਬਰ ਹੈ, ਜੋ ਲੋਕ ਸਭਾ ਚੋਣਾਂ ‘ਚ ਭਰਤਪੁਰ ਤੋਂ ਸੰਸਦ ਮੈਂਬਰ ਚੁਣੀ ਗਈ ਹੈ। ਇਨ੍ਹਾਂ ਦੋਵਾਂ ਵਿਧਾਨ ਸਭਾ ਹਲਕਿਆਂ ‘ਤੇ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ।