ਕਾਠਮੰਡੂ : ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ 19 ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਰਨਵੇਅ ਤੋਂ ਫਿਸਲ ਗਿਆ ਅਤੇ ਹਾਦਸਾਗ੍ਰਸਤ ਹੋ ਗਿਆ। ਇਨ੍ਹਾਂ ਵਿੱਚ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸ਼ਾਮਲ ਸਨ। ਇਹ ਹਾਦਸਾ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਾਪਰਿਆ ਅਤੇ ਹੁਣ ਤੱਕ 18 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਜਹਾਜ਼ ਨੇ ਰਨਵੇਅ ‘ਤੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਰਨਵੇਅ ਤੋਂ ਫਿਸਲ ਗਿਆ। ਫਿਲਹਾਲ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਹਾਦਸਾ ਸਵੇਰੇ ਕਰੀਬ 11 ਵਜੇ ਵਾਪਰਿਆ। ਹਵਾਈ ਅੱਡੇ ‘ਤੇ ਤਾਇਨਾਤ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਦੇ ਪਾਇਲਟ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਹਾਜ਼ ਨੂੰ ਲੱਗੀ ਅੱਗ ਬੁਝਾਈ ਜਾ ਚੁੱਕੀ ਹੈ। ਪੁਲਿਸ ਅਤੇ ਫਾਇਰ ਫਾਈਟਰਜ਼ ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਚਲਾ ਰਹੇ ਹਨ। ਬਚਾਅ ਦਲ ਅਤੇ ਹਵਾਈ ਅੱਡੇ ਦੇ ਅਧਿਕਾਰੀ ਘਟਨਾ ਸਥਾਨ ‘ਤੇ ਤਾਇਨਾਤ ਹਨ ਅਤੇ ਬਚਾਅ ਕਾਰਜ ਜਾਰੀ ਹਨ। ਜ਼ਖਮੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਹਾਲਤ ਬਾਰੇ ਵਿਸਤ੍ਰਿਤ ਜਾਣਕਾਰੀ ਉਪਲਬਧ ਨਹੀਂ ਹੈ। ਹਾਦਸੇ ਤੋਂ ਤੁਰੰਤ ਬਾਅਦ ਬਚਾਅ ਦਲ ਅਤੇ ਹਵਾਈ ਅੱਡੇ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਏਅਰਪੋਰਟ ਅਥਾਰਟੀ ਅਤੇ ਸਬੰਧਤ ਏਜੰਸੀਆਂ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਵਿਸਥਾਰ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।