ਪੰਜਾਬ : ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਚੌਥੇ ਗੇੜ ਦੀ ਮੀਟਿੰਗ (The fourth round meeting) ਅੱਜ ਯਾਨੀ ਐਤਵਾਰ ਨੂੰ ਹੋਣੀ ਹੈ। ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ-ਹਰਿਆਣਾ ਸਰਹੱਦ ’ਤੇ ਵੱਡੀ ਗਿਣਤੀ ਵਿੱਚ ਪਹੁੰਚੇ ਹਜ਼ਾਰਾਂ ਕਿਸਾਨ ਦਿੱਲੀ ਜਾਣ ਦੀ ਉਡੀਕ ਵਿੱਚ ਹਨ। ਕਿਸਾਨ ਜਥੇਬੰਦੀਆਂ ਦੇ ਵਰਕਰ ਇਹ ਮੰਨ ਰਹੇ ਹਨ ਕਿ ਐਤਵਾਰ ਨੂੰ ਹੋਣ ਵਾਲੀ ਮੀਟਿੰਗ ਗੱਲਬਾਤ ਦੇ ਦੌਰ ਦੀ ਆਖਰੀ ਮੀਟਿੰਗ ਹੋਵੇਗੀ।

ਇਸ ਮੀਟਿੰਗ ਵਿੱਚ ਫ਼ੈਸਲਾ ਕੀਤਾ ਜਾਵੇਗਾ ਕਿ ਕਿਸਾਨ ਦਿੱਲੀ ਵੱਲ ਵਧਣਗੇ ਜਾਂ ਪੰਜਾਬ-ਹਰਿਆਣਾ ਦੀਆਂ ਸਰਹੱਦਾਂ ਤੋਂ ਆਪਣੇ ਘਰਾਂ ਨੂੰ ਪਰਤਣਗੇ।ਸੂਤਰ ਦੱਸ ਰਹੇ ਹਨ ਕਿ ਕੇਂਦਰ ਸਰਕਾਰ ਐਤਵਾਰ ਦੀ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ‘ਤੇ ਚਰਚਾ ਕਰੇਗੀ। ਸਰਕਾਰ ਇਸ ਸਭ ਤੋਂ ਵੱਡੀ ਮੰਗ ਦਾ ਹੱਲ ਲੱਭ ਰਹੀ ਹੈ। ਕਿਸਾਨ ਜਥੇਬੰਦੀਆਂ ਦੇ ਸਾਹਮਣੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਈ ਕਮੇਟੀ ਬਣਾਉਣ ਅਤੇ ਉਸ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਾਮਲ ਕਰਨ ਦੀ ਤਜਵੀਜ਼ ਰੱਖੀ ਜਾਵੇਗੀ।

ਇਸ ਦੇ ਨਾਲ ਹੀ ਕੇਂਦਰ ਸਰਕਾਰ ਅਜੈ ਮਿਸ਼ਰਾ ਟੈਣੀ ਅਤੇ ਲਖੀਮਪੁਰ ਖੇੜੀ ਦੇ ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਰਗੀਆਂ ਮੰਗਾਂ ‘ਤੇ ਵੀ ਅੱਗੇ ਵਧ ਸਕਦੀ ਹੈ। ਦੂਜੇ ਪਾਸੇ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਰੱਦ ਨਹੀਂ ਕੀਤਾ ਗਿਆ ਹੈ। ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਜਿਨ੍ਹਾਂ ਮੰਗਾਂ ਨੂੰ ਲੈ ਕੇ ਉਹ ਦਿੱਲੀ ਵੱਲ ਵਧ ਰਹੇ ਹਨ ,ਉਨ੍ਹਾਂ ਮੰਗਾਂ ਨੂੰ ਲੈ ਕੇ ਕੇਂਦਰੀ ਮੰਤਰੀ ਮੀਟਿੰਗ ਕਰਨ ਆਏ ਸਨ।

 ਉਨ੍ਹਾਂ ਕਿਹਾ ਕਿ ਸਾਰੇ ਕਿਸਾਨਾਂ ਨੂੰ ਪੂਰੀ ਉਮੀਦ ਹੈ ਕਿ ਐਤਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਨੂੰ ਸਰਕਾਰ ਤੋਂ ਕੋਈ ਚੰਗੀ ਖ਼ਬਰ ਮਿਲੇਗੀ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਐਮ.ਐਸ.ਪੀ. ਨੂੰ ਲੈ ਕੇ ਕੇਂਦਰ ‘ਤੇ ਤਿੱਖੇ ਹਮਲੇ ਕੀਤੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਰੇ ਨਾ ਕਿ ਨਿਰਧਾਰਤ ਰੇਟ ਤੋਂ ਘੱਟ ਕਰੇ । ਕੇਂਦਰ ਦਾ ਕਹਿਣਾ ਹੈ ਕਿ ਐਮ.ਐਸ.ਪੀ. ਨੂੰ ਦੇਸ਼ ਵਿੱਚ ਲਾਗੂ ਕਰਨ ਲਈ 36 ਹਜ਼ਾਰ ਕਰੋੜ ਰੁਪਏ ਦੀ ਲੋੜ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੁਖੀ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰੀ ਮੰਤਰੀ ਫ਼ਸਲੀ ਬੀਮਾ ਕਰਵਾਉਣ ਦੀ ਗੱਲ ਕਰਦੇ ਹਨ ਪਰ ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਕੰਪਨੀਆਂ ਫ਼ਸਲੀ ਬੀਮੇ ਦੀ ਆੜ ਵਿੱਚ ਕਰੋੜਾਂ ਰੁਪਏ ਇਕੱਠੇ ਕਰਕੇ ਭੱਜ ਗਈਆਂ। ਕੇਂਦਰ ਕਹਿ ਰਿਹਾ ਹੈ ਕਿ ਐਮ.ਐਸ.ਪੀ. ਹਰਿਆਣਾ ਅਤੇ ਪੰਜਾਬ ਵਿੱਚ ਝੋਨੇ ਅਤੇ ਕਣਕ ‘ਤੇ ਉਪਲਬਧ ਹੈ।

ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਗੁਰਮਨਜੀਤ ਸਿੰਘ ਮਾਂਗਟ, ਬਲਕਾਰ ਸਿੰਘ ਬੈਂਸ ਤੇ ਹੋਰਨਾਂ ਨੇ ਆਪਣੀਆਂ 13 ਅਹਿਮ ਮੰਗਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਐਤਵਾਰ ਦੀ ਮੀਟਿੰਗ ਤੋਂ ਬਾਅਦ ਉਨ੍ਹਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਬੈਰੀਕੇਡ ਤੋੜ ਦਿੱਤੇ ਜਾਣਗੇ।

Leave a Reply