ਕਿਸਾਨਾਂ ਵੱਲੋਂ ਇਸ ਦਿਨ ਦੇਸ਼ ਭਰ ‘ਚ ਕੱਢਿਆ ਜਾਵੇਗਾ ਟਰੈਕਟਰ ਮਾਰਚ
By admin / July 22, 2024 / No Comments / Punjabi News
ਨਵੀਂ ਦਿੱਲੀ: ਐਮ.ਐਸ.ਪੀ. ਅਤੇ ਹੋਰ ਮੁੱਦਿਆਂ ਨੂੰ ਲੈ ਕੇ ਆਪਣੀਆਂ ਮੰਗਾਂ ‘ਤੇ ਅੜੇ ਹੋਏ ਕਿਸਾਨ ਮੁੜ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ (Farmer leader Sarwan Singh Pandher) ਨੇ ਕਿਹਾ ਕਿਐਮ.ਐਸ.ਪੀ. ਨੂੰ ਕਾਨੂੰਨੀ ਬਣਾਉਣ ਲਈ ਹੁਣ ਮੁੜ ਮਾਰਚ ਸ਼ੁਰੂ ਕੀਤਾ ਜਾਵੇਗਾ ਅਤੇ 15 ਅਗਸਤ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ।
ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਕਨਵੈਨਸ਼ਨ ਵਿੱਚ ਦੇਸ਼ ਭਰ ਦੀਆਂ 150 ਤੋਂ ਵੱਧ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਟਰੈਕਟਰ ਮਾਰਚ ਦੇ ਨਾਲ-ਨਾਲ ਨਵੇਂ ਫੌਜਦਾਰੀ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ।
ਫਿਲਹਾਲ ਸ਼ੰਭੂ ਸਰਹੱਦ ਅਤੇ ਖਨੌਰੀ ਸਰਹੱਦ ਬੰਦ ਹੈ। ਜਦੋਂ ਵੀ ਇਹ ਬਾਰਡਰ ਖੁੱਲ੍ਹਣਗੇ, ਕਿਸਾਨ ਜ਼ਰੂਰ ਦਿੱਲੀ ਵੱਲ ਵਧਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਅੱਗੇ ਕਿਹਾ ਕਿ 31 ਅਗਸਤ ਨੂੰ ਵੱਧ ਤੋਂ ਵੱਧ ਕਿਸਾਨ ਸਰਹੱਦ ‘ਤੇ ਇਕੱਠੇ ਹੋਣ । 1 ਸਤੰਬਰ ਨੂੰ ਹਰਿਆਣਾ ‘ਚ ਮੈਗਾ ਰੈਲੀ ਹੋਵੇਗੀ।
22 ਸਤੰਬਰ ਨੂੰ ਪਿੱਪਲੀ ਵਿਖੇ ਵਿਸ਼ਾਲ ਰੈਲੀ ਕਰਨਗੇ। ਸਰਵਣ ਸਿੰਘ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਕਾਤਲ ਆਸ਼ੀਸ਼ ਮਿਸ਼ਰਾ ਮੋਨੂੰ ਨੂੰ ਜ਼ਮਾਨਤ ਮਿਲ ਗਈ ਹੈ। ਅਜਿਹੇ ਲੋਕਾਂ ਨੂੰ ਜੇਲ੍ਹ ਵਿੱਚ ਹੋਣਾ ਚਾਹੀਦਾ ਹੈ। ਅਸੀਂ ਇਸ ਦਾ ਵਿਰੋਧ ਕਰਾਂਗੇ। ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ‘ਤੇ ਕਿਸਾਨਾਂ ‘ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਦੇਣ ਦੇ ਵਿਰੋਧ ‘ਚ ਭਾਜਪਾ ਦਾ ਪੁਤਲਾ ਫੂਕਿਆ ਜਾਵੇਗਾ ।