ਹਰਿਆਣਾ: ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ (Shambhu and Khanuri Border) ‘ਤੇ ਪਹੁੰਚੇ ਕਿਸਾਨਾਂ ਦੇ ਅੱਜ 200 ਦਿਨ ਪੂਰੇ ਹੋ ਗਏ ਹਨ। ਕਿਸਾਨ ਅੰਦੋਲਨ-2 (Kisan Andolan-2) ਦੇ 200 ਦਿਨ ਪੂਰੇ ਹੋਣ ‘ਤੇ ਅੱਜ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਹਜ਼ਾਰਾਂ ਕਿਸਾਨ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੋਂ ਪਹੁੰਚ ਰਹੇ ਹਨ। ਅੱਜ ਇਸ ਪ੍ਰੋਗਰਾਮ ‘ਚ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਵੀ ਸ਼ਿਰਕਤ ਕਰ ਰਹੇ ਹਨ। ਜਿਸ ਨੂੰ ਕਿਸਾਨ ਜਥੇਬੰਦੀਆਂ ਸਨਮਾਨਿਤ ਕਰਨਗੀਆਂ।
13 ਫਰਵਰੀ ਤੋਂ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਪੰਜਾਬ ਦੇ ਕਿਸਾਨ 13 ਫਰਵਰੀ 2024 ਤੋਂ ਸੰਘਰਸ਼ ‘ਤੇ ਹਨ। ਅਜਿਹੇ ‘ਚ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ। ਕਿਸਾਨਾਂ ਨੇ ਪੰਜਾਬ ਵੱਲ ਸਰਹੱਦ ‘ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ ‘ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਕਾਰਨ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ। ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਇਸ ਸਮੇਂ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਗੱਲਬਾਤ ਕਰ ਰਹੀਆਂ ਹਨ। ਦੋ ਮੀਟਿੰਗਾਂ ਹੋ ਚੁੱਕੀਆਂ ਹਨ, ਜੋ ਬੇਸਿੱਟਾ ਰਹੀਆਂ।
ਇਸ ਦੇ ਨਾਲ ਹੀ , ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਕਿਸਾਨ ਅੰਦੋਲਨ ਨੂੰ 200 ਦਿਨ ਪੂਰੇ ਹੋ ਰਹੇ ਹਨ। ਵੱਡੀ ਗਿਣਤੀ ਵਿੱਚ ਆਉਣ ਵਾਲੇ ਕਿਸਾਨਾਂ ਲਈ ਸਟੇਜ ਤਿਆਰ ਕੀਤੀ ਗਈ ਹੈ। ਅੱਜ ਮੰਚ ਤੋਂ ਕੇਂਦਰ ਅਤੇ ਹਰਿਆਣਾ ਸਰਕਾਰਾਂ ਨੂੰ ਰਾਹ ਖੋਲ੍ਹਣ ਲਈ ਕਿਹਾ ਜਾਵੇਗਾ ਤਾਂ ਜੋ ਕਿਸਾਨ ਦਿੱਲੀ ਜਾ ਕੇ ਰੋਸ ਪ੍ਰਦਰਸ਼ਨ ਕਰ ਸਕਣ।