ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਹਾਲ ਹੀ ‘ਚ 156 ਫਿਕਸਡ ਡੋਜ਼ ਕੰਬੀਨੇਸ਼ਨ (FDC) ਦਵਾਈਆਂ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹਨਾਂ ਦਵਾਈਆਂ ਦੀ ਵਰਤੋਂ ਆਮ ਲਾਗਾਂ, ਖੰਘ, ਬੁਖਾਰ ਅਤੇ ਹੋਰ ਬਿਮਾਰੀਆਂ ਦੇ ਇਲਾਜ ਲਈ ਕੀਤੀ ਜਾਂਦੀ ਸੀ। ਸਿਹਤ ਮੰਤਰਾਲੇ ਦੀ ਮਾਹਿਰ ਕਮੇਟੀ ਨੇ ਇਨ੍ਹਾਂ ਦਵਾਈਆਂ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਨ੍ਹਾਂ ਦਾ ਮਿਸ਼ਰਨ ਉਚਿਤ ਨਹੀਂ ਹੈ। ਇਸ ਲਈ ਇਨ੍ਹਾਂ ਦੇ ਉਤਪਾਦਨ, ਭੰਡਾਰਨ ਅਤੇ ਵਿਕਰੀ ਨੂੰ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਸ ਸੂਚੀ ਵਿੱਚ ਕਈ ਤਰ੍ਹਾਂ ਦੀਆਂ ਐਂਟੀਬਾਇਓਟਿਕਸ, ਦਰਦ ਨਿਵਾਰਕ ਦਵਾਈਆਂ, ਐਂਟੀ-ਐਲਰਜੀਕ ਦਵਾਈਆਂ ਅਤੇ ਮਲਟੀਵਿਟਾਮਿਨ ਸ਼ਾਮਲ ਹਨ। ਉਦਾਹਰਨ ਲਈ, ਮੇਫੇਨੈਮਿਕ ਐਸਿਡ ਅਤੇ ਪੈਰਾਸੀਟਾਮੋਲ ਇੰਜੈਕਸ਼ਨਾਂ ਦੇ ਸੁਮੇਲ, ਜੋ ਕਿ ਦਰਦ ਅਤੇ ਸੋਜ ਨੂੰ ਘਟਾਉਣ ਲਈ ਵਰਤਿਆ ਜਾਂਦਾ ਸੀ, ਹੁਣ ਪਾਬੰਦੀਸ਼ੁਦਾ ਹੈ। ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਦਾ ਮਕਸਦ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ, ਕਿਉਂਕਿ ਇਹ ਮਿਸ਼ਰਨ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ।