ਨਵੀਂ ਦਿੱਲੀ : ਦੇਸ਼ ਦੀ ਸਿਖਰਲੀ ਅਦਾਲਤ ਵਿੱਚ ਅੱਜ ਕੋਲਕਾਤਾ ਬਲਾਤਕਾਰ-ਕਤਲ ਮਾਮਲੇ (Kolkata rape-murder case) ਦੀ ਸੁਣਵਾਈ ਹੋਵੇਗੀ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਦੇਸ਼ ਭਰ ਦੇ ਡਾਕਟਰਾਂ ਦੀਆਂ ਉਮੀਦਾਂ ਸੁਪਰੀਮ ਕੋਰਟ ਦੀ ਸੁਣਵਾਈ ‘ਤੇ ਟਿੱਕ ਗਈਆਂ ਹਨ ਕਿਉਂਕਿ ਡਾਕਟਰਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਸਰਕਾਰ ਦੇ ਭਰੋਸੇ ਤੋਂ ਸੰਤੁਸ਼ਟ ਨਹੀਂ ਹਨ। ਅਜਿਹੇ ‘ਚ ਸੁਪਰੀਮ ਕੋਰਟ ਦਾ ਫ਼ੈਸਲਾ ਅਹਿਮ ਹੋਵੇਗਾ।
ਜਾਣਕਾਰੀ ਮੁਤਾਬਕ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਨੂੰ ਮੰਗਲਵਾਰ ਯਾਨੀ ਅੱਜ ਸਵੇਰੇ 10:30 ਵਜੇ ਸੁਣਵਾਈ ਲਈ ਸੂਚੀ ਦੇ ਸਿਖਰ ‘ਤੇ ਰੱਖਿਆ ਗਿਆ ਹੈ। ਇਸ ਦੌਰਾਨ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਰਾਸ਼ਟਰੀ ਨੇਤਾਵਾਂ ਨਾਲ ਇਸ ਮੁੱਦੇ ‘ਤੇ ਚਰਚਾ ਕਰਨ ਲਈ ਦਿੱਲੀ ਪਹੁੰਚ ਗਏ ਹਨ।
ਸੋਮਵਾਰ ਨੂੰ ਰਾਜ ਭਵਨ ‘ਚ ਰੱਖੜੀ ਦੇ ਮੌਕੇ ‘ਤੇ ਆਯੋਜਿਤ ਇਕ ਪ੍ਰੋਗਰਾਮ ‘ਚ ਰਾਜਪਾਲ ਨੇ ਕਿਹਾ, ‘ਪੱਛਮੀ ਬੰਗਾਲ ‘ਚ ਲੋਕਤੰਤਰ ਦਾ ਪਤਨ ਹੋ ਰਿਹਾ ਹੈ। ਇਹ ਕੰਮ ਨਹੀਂ ਕਰ ਸਕਦਾ। ਅੱਜ ਸਾਨੂੰ ਆਪਣੀਆਂ ਧੀਆਂ-ਭੈਣਾਂ ਦੀ ਰਾਖੀ ਦਾ ਪ੍ਰਣ ਲੈਣਾ ਪਵੇਗਾ। ਸਿਖਿਆਰਥੀ ਡਾਕਟਰ ਦੇ ਮਾਪਿਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਚੁੱਪ ਕਰਾਉਣ ਦੀਆਂ ਕਥਿਤ ਕੋਸ਼ਿਸ਼ਾਂ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੁਆਰਾ ਬਲਾਤਕਾਰ-ਕਤਲ ਮਾਮਲੇ ਨੂੰ ਜਿਸ ਤਰੀਕੇ ਨਾਲ ਨਜਿੱਠਿਆ ਗਿਆ, ਉਸ ਤੋਂ ਨਿਰਾਸ਼ ਹਨ।
ਡਾਕਟਰਾਂ ਦੀ ਹੜਤਾਲ ਦੇ 10ਵੇਂ ਦਿਨ ਦੇਸ਼ ਭਰ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ। ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਕੇਂਦਰੀ ਹਸਪਤਾਲਾਂ ਵਿੱਚ ਸੁਰੱਖਿਆ ਤਾਇਨਾਤੀ ਵਿੱਚ 25 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕਲਕੱਤਾ ਹਾਈ ਕੋਰਟ ਦੇ ਹੁਕਮਾਂ ‘ਤੇ ਸੀ.ਬੀ.ਆਈ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਸੀ.ਬੀ.ਆਈ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਵੱਡਾ ਖੁਲਾਸਾ ਨਹੀਂ ਕੀਤਾ ਗਿਆ ਹੈ। ਹੁਣ ਤੱਕ ਸਿਰਫ ਇੱਕ ਦੋਸ਼ੀ ਸੰਜੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਸੰਜੇ ਨੂੰ ਪੱਛਮੀ ਬੰਗਾਲ ਪੁਲਿਸ ਨੇ ਹੀ ਗ੍ਰਿਫਤਾਰ ਕੀਤਾ ਸੀ।