ਕੋਲਕਾਤਾ ਰੇਪ ਕੇਸ : ਸੁਪਰੀਮ ਕੋਰਟ ਨੇ 10 ਮੈਂਬਰੀ ਨੈਸ਼ਨਲ ਟਾਸਕ ਫੋਰਸ ਦਾ ਕੀਤਾ ਗਠਨ
By admin / August 20, 2024 / No Comments / Punjabi News
ਨਵੀਂ ਦਿੱਲੀ: ਸੁਪਰੀਮ ਕੋਰਟ (The Supreme Court) ਨੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ, ਕੋਲਕਾਤਾ ਦੇ ਇੱਕ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ‘ਸੁਓ ਮੋਟੂ’ ਮਾਮਲੇ ਦੀ ਸੁਣਵਾਈ ਕਰਦੇ ਹੋਏ ਬੀਤੇ ਦਿਨ 10 ਮੈਂਬਰੀ ਨੈਸ਼ਨਲ ਟਾਸਕ ਫੋਰਸ (10-member National Task Force) ,(ਐਨ.ਟੀ.ਐਫ.) ਦਾ ਗਠਨ ਕੀਤਾ ਹੈ।
ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇ.ਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਆਪਣਾ ਹੁਕਮ ਸੁਣਾਉਂਦੇ ਹੋਏ ਕਿਹਾ ਕਿ ਇਹ ਟਾਸਕ ਫੋਰਸ ਮੈਡੀਕਲ ਪੇਸ਼ੇਵਰਾਂ ਦੀ ਸੁਰੱਖਿਆ, ਤੰਦਰੁਸਤੀ ਅਤੇ ਹੋਰ ਸਬੰਧਤ ਮਾਮਲਿਆਂ ਦੀ ਜਾਂਚ ਕਰੇਗੀ। ਇਹ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਟਾਸਕ ਫੋਰਸ ਮੈਡੀਕਲ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਰਾਸ਼ਟਰੀ ਪ੍ਰੋਟੋਕੋਲ ਤਿਆਰ ਕਰੇਗੀ।
ਦੇਸ਼ ਦੇ ਮੰਨੇ-ਪ੍ਰਮੰਨੇ ਸੀਨੀਅਰ ਡਾਕਟਰਾਂ ਤੋਂ ਇਲਾਵਾ ਸਰਕਾਰ ਦੇ ਕਈ ਉੱਘੇ ਸੀਨੀਅਰ ਅਧਿਕਾਰੀ ਟਾਸਕ ਫੋਰਸ ਦੇ ਅਹੁਦੇਦਾਰ ਮੈਂਬਰ ਹੋਣਗੇ। ਬੈਂਚ ਨੇ ਮਾਮਲੇ ਦੀ ਜਾਂਚ ਕਰ ਰਹੀ ਸੀ.ਬੀ.ਆਈ. ਨੂੰ ਜਾਂਚ ਦੇ ਪ੍ਰਗਤੀ ਵੇਰਵੇ 22 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਦੇ ਕਥਿਤ ਕਤਲ ਤੋਂ ਬਾਅਦ 14-15 ਅਗਸਤ ਨੂੰ ਵਾਪਰੀਆਂ ਭੰਨਤੋੜ ਦੀਆਂ ਘਟਨਾਵਾਂ ਦੀ ਜਾਂਚ ਦੀ ਪ੍ਰਗਤੀ ਦੇ ਵੇਰਵੇ ਪੱਛਮੀ ਬੰਗਾਲ ਸਰਕਾਰ ਨੂੰ ਪੇਸ਼ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਇਸ ਮਾਮਲੇ ਵਿੱਚ ਕਥਿਤ ਢਿੱਲ ਅਤੇ ਲਾਪਰਵਾਹੀ ਵਾਲੇ ਰਵੱਈਏ ਲਈ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ ਹਸਪਤਾਲ ਵਿੱਚ ਗੜਬੜ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।