ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਪੰਜਾਬ ਅਤੇ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾਣਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਵੱਲੋਂ ਚੰਡੀਗੜ੍ਹ ਹਵਾਈ ਅੱਡੇ ‘ਤੇ ਪੰਜਾਬੀ ਸੁਰੱਖਿਆ ਗਾਰਡ ਨਾਲ ਹੋਈ ਤਕਰਾਰ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਪੰਜਾਬੀਆਂ ਵਿਰੁੱਧ ਕੀਤੀਆਂ ਨਫ਼ਰਤ ਭਰੀਆਂ ਟਿੱਪਣੀਆਂ ਉਨ੍ਹਾਂ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹਨ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦਾ ਇਹ ਬਿਆਨ ਕਿ ਪੰਜਾਬ ‘ਚ ਅੱਤਵਾਦ ਵਧ ਰਿਹਾ ਹੈ, ਉਨ੍ਹਾਂ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚਾਈ ਇਹ ਹੈ ਕਿ ਉਨ੍ਹਾਂ ਦੀਆਂ ਗੱਲਾਂ ਰਾਹੀਂ ਫੈਲਾਇਆ ਜਾ ਰਿਹਾ ਅੱਤਵਾਦ ਦੇਸ਼ ਦੇ ਵਾਤਾਵਰਨ ਨੂੰ ਦੂਸ਼ਿਤ ਕਰ ਰਿਹਾ ਹੈ ।

ਐਡਵੋਕੇਟ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਜਾਤੀ ਅਤੇ ਬਹੁ-ਭਾਸ਼ਾਈ ਸੱਭਿਆਚਾਰ ਜ਼ਿੰਦਾ ਹੈ ਤਾਂ ਉਹ ਪੰਜਾਬੀਆਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਸਦਕਾ ਹੈ ਪਰ ਕੰਗਨਾ ਰਣੌਤ ਜਾਣ ਬੁੱਝ ਕੇ ਇਸ ਰਾਹ ‘ਤੇ ਚੱਲ ਰਹੀ ਹੈ। ਐਡਵੋਕੇਟ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕੰਗਨਾ ਰਣੌਤ ਨੂੰ ਸੰਜਮ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਪਾਠ ਪੜ੍ਹਾਉਣ।ਉਨ੍ਹਾਂ ਇਹ ਵੀ ਮੰਗ ਕੀਤੀ ਕਿ ਚੰਡੀਗੜ੍ਹ ਹਵਾਈ ਅੱਡੇ ‘ਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੰਗਨਾ ਰਣੌਤ ਵੱਲੋਂ ਪੰਜਾਬ ਵਿਰੁੱਧ ਨਫ਼ਰਤ ਦਾ ਮਾਹੌਲ ਪੈਦਾ ਕਰਨ ਲਈ ਕੋਈ ਸ਼ਰਾਰਤੀ ਬਿਆਨਬਾਜ਼ੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰੀ ਸੁਰੱਖਿਆ ਬਲ ਵੱਲੋਂ ਕੀਤੀ ਜਾ ਰਹੀ ਜਾਂਚ ਬਿਨਾਂ ਕਿਸੇ ਸਿਆਸੀ ਜਾਂ ਨਿੱਜੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਨਾਲ ਵੀ ਮਾੜਾ ਵਿਵਹਾਰ ਨਾ ਹੋਵੇ।

Leave a Reply