ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਡੇਅਰੀਵਾਲ ਕਿਰਨ ‘ਚ ਦੋ ਧੜਿਆਂ ‘ਚ ਟਕਰਾਅ ਅਤੇ ਇਕ-ਦੂਜੇ ‘ਤੇ ਫਾਇਰਿੰਗ ਹੋ ਗਈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਮਨਾਉਣ ਆਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦੀ ਕਾਰ ‘ਤੇ ਵੀ ਦੂਜੇ ਧੜੇ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੀ ਭੰਨਤੋੜ ਕੀਤੀ। ਇਸ ਘਟਨਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਬਲਾਕ ਪ੍ਰਧਾਨ ਸਣੇ ਦੋਵੇਂ ਧੜਿਆਂ ਦੇ ਚਾਰ ਲੋਕ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਿਵਲ ਹਸਪਤਾਲ ‘ਚ ਦਾਖਲ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਦੇ ਕੁਝ ਨੌਜਵਾਨਾਂ ਦਾ ਕਿਸੇ ਗੱਲ ਨੂੰ ਲੈ ਕੇ ਲੜਾਈ ਚੱਲ ਰਹੀ ਸੀ। ਝਗੜੇ ਦਾ ਪਤਾ ਲੱਗਦਿਆਂ ਹੀ ਜਦੋਂ ਉਹ ਝਗੜਾ ਸੁਲਝਾਉਣ ਲਈ ਪਿੰਡ ਗਿਆ ਤਾਂ ਉਥੇ ਮੌਜੂਦ ਇੱਕ ਗਰੋਹ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਕਾਰ ’ਤੇ ਹਮਲਾ ਕਰ ਕੇ ਕਾਰ ਨੂੰ ਨੁਕਸਾਨ ਪਹੁੰਚਾਇਆ ਅਤੇ ਉਸ ਨੂੰ ਵੀ ਜ਼ਖ਼ਮੀ ਕਰ ਦਿੱਤਾ।

ਇਸ ਤੋਂ ਬਾਅਦ ਉਸ ਦੇ ਦੋਸਤਾਂ ਨੇ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦੀ ਜਾਨ ਬਚਾਈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਉਨ੍ਹਾਂ ਨੇ ਦੱਸਿਆ ਕਿ ਦੂਜੇ ਗਰੋਹ ਦੇ ਨੌਜਵਾਨਾਂ ਕੋਲ ਨਜਾਇਜ਼ ਹਥਿਆਰ ਸਨ, ਜਦੋਂਕਿ ਉਨ੍ਹਾਂ ਨੇ ਆਪਣੀ ਜਾਨ ਬਚਾਉਣ ਲਈ ਹਵਾ ਵਿੱਚ ਗੋਲੀ ਚਲਾ ਦਿੱਤੀ, ਜਿਸ ਵਿੱਚ ਉਨ੍ਹਾਂ ਦਾ ਚਾਚਾ ਲਖਵਿੰਦਰ ਸਿੰਘ ਵੀ ਜ਼ਖ਼ਮੀ ਹੋ ਗਿਆ। ਦੂਜੇ ਧੜੇ ਦੇ ਨੌਜਵਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਿੰਡ ਦੇ ਕੁਝ ਨੌਜਵਾਨਾਂ ਨਾਲ ਲੜਾਈ ਹੋਈ ਸੀ ਕਿਉਂਕਿ ਉਹ ਸੋਸ਼ਲ ਮੀਡੀਆ ‘ਤੇ ਸਰਕਾਰ ਅਤੇ ਨਸ਼ਿਆਂ ਵਿਰੁੱਧ ਵੀਡੀਓਜ਼ ਪੋਸਟ ਕਰਦੇ ਰਹਿੰਦੇ ਹਨ। ਇਸ ਸਬੰਧੀ ਉਕਤ ਪਿੰਡ ਦੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਨੌਜਵਾਨਾਂ ਨੇ ਪਹਿਲਾਂ ਵੀ ਉਸ ਨੂੰ ਧਮਕੀਆਂ ਦੇ ਕੇ ਵੀਡੀਓ ਡਿਲੀਟ ਕਰਨ ਲਈ ਕਿਹਾ ਸੀ। ਇਸ ਮਾਮਲੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਦੌਰਾਨ ਦੂਜੇ ਪਾਸਿਓਂ ਗੋਲੀਬਾਰੀ ਕੀਤੀ ਗਈ।

Leave a Reply