ਗੁਰਦਾਸਪੁਰ : ਗੁਰਦਾਸਪੁਰ ਦੇ ਕਸਬਾ ਕਲਾਨੌਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਗੁਰਦਾਸਪੁਰ ਸਾਹਿਬ ਦੇ ਹੈੱਡ ਗ੍ਰੰਥੀ ਦੀ ਮੌਤ ਹੋ ਗਈ। ਇਸ ਹਾਦਸੇ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਕਲਾਨੌਰ ਤੋਂ ਬਟਾਲਾ ਰੋਡ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ। ਪਿੰਡ ਵਾਸੀਆਂ ਨੇ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਖੁਸ਼ੀਪੁਰ ਦੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤਰਲੋਕ ਸਿੰਘ ਆਪਣੀ ਪਤਨੀ ਲਈ ਦਵਾਈ ਲੈਣ ਜਾ ਰਿਹਾ ਸੀ। ਰਸਤੇ ਵਿਚ ਉਨ੍ਹਾਂ ਦਾ ਫ਼ੋਨ ਆਇਆ ਤਾਂ ਉਹ ਇਕ ਪਾਸੇ ਰੁਕ ਕੇ ਫ਼ੋਨ ਸੁਣਨ ਲੱਗਾ। ਇਸ ਦੌਰਾਨ ਹਾਈਡ੍ਰਾ ਕਰੇਨ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਚਸ਼ਮਦੀਦਾਂ ਅਤੇ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਹਾਈਡ੍ਰਾ ਕਰੇਨ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਉਨ੍ਹਾਂ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕਾਲਨੌਰ ਤੋਂ ਬਟਾਲਾ ਰੋਡ ’ਤੇ ਧਰਨਾ ਦਿੱਤਾ। ਮ੍ਰਿਤਕ ਦੇ ਵੱਡੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਫੋਨ ‘ਤੇ ਮਿਲੀ ਸੀ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਇਨਸਾਫ਼ ਚਾਹੁੰਦੇ ਹਾਂ।

ਮਾਮਲੇ ਸਬੰਧੀ ਗੱਲ ਕਰਦਿਆਂ ਐੱਸ.ਐੱਚ.ਓ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਟਾਲਾ ਮੇਨ ਰੋਡ ‘ਤੇ ਵਾਪਰੇ ਇੱਕ ਹਾਦਸੇ ਵਿੱਚ ਗ੍ਰੰਥੀ ਸਿੰਘ ਤਰਲੋਕ ਸਿੰਘ ਦੀ ਮੌਤ ਹੋ ਗਈ ਹੈ। ਉਨ੍ਹਾਂ ਨੂੰ ਹਾਈਡ੍ਰਾ ਕਰੇਨ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਚਾਲਕ ਕਰੇਨ ਛੱਡ ਕੇ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply