ਚੰਡੀਗੜ੍ਹ: ਚੰਡੀਗੜ੍ਹ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ‘ਚ ‘ਆਪ’ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਜਪਾ ‘ਚ ਸ਼ਾਮਲ ਹੋ ਗਏ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਚੰਡੀਗੜ੍ਹ ਦੀ ਸਿਆਸਤ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਭਾਜਪਾ ਵਿੱਚ ਸ਼ਾਮਲ ਹੋਏ ਕੌਂਸਲਰਾਂ ਵਿੱਚ ਪੂਨਮ ਦੇਵੀ, ਨੇਹਾ ਮੁਸਾਵਟ ਅਤੇ ਗੁਰਚਰਨ ਕਾਲਾ ਦੇ ਨਾਂ ਸ਼ਾਮਲ ਹਨ। ਚੰਡੀਗੜ੍ਹ ਦੇ ਸਾਬਕਾ ਮੇਅਰ ਅਰੁਣ ਸੂਦ ਨੇ ਇਨ੍ਹਾਂ ਤਿੰਨਾਂ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਹੈ।
ਅਦਾਲਤ ‘ਚ ਪੇਸ਼ੀ ਤੋਂ ਪਹਿਲਾਂ ਹੀ ਚੰਡੀਗੜ੍ਹ ਦੇ ਮੇਅਰ ਨੇ ਵੀ ਅਸਤੀਫਾ ਦੇ ਦਿੱਤਾ ਹੈ, ਜਿਸ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ‘ਚ ਚੰਡੀਗੜ੍ਹ ‘ਚ ਸਿਆਸਤ ਫਿਰ ਤੋਂ ਤੇਜ਼ ਹੋ ਸਕਦੀ ਹੈ। ਦੱਸ ਦਈਏ ਕਿ ਚੰਡੀਗੜ੍ਹ ਮੇਅਰ ਦੀ ਚੋਣ ‘ਚ ਕਥਿਤ ਧਾਂਦਲੀ ਦੇ ਦੋਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਸਾਂਝੇ ਤੌਰ ‘ਤੇ ਸੁਪਰੀਮ ਕੋਰਟ ‘ਚ ਪਹੁੰਚ ਕੀਤੀ ਸੀ ਅਤੇ ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਨੂੰ ਰੋਕਣ, ਨਵੇਂ ਮੇਅਰ ਦੇ ਕੰਮਕਾਜ ‘ਤੇ ਰੋਕ ਲਗਾਉਣ ਅਤੇ ਸਾਰੇ ਚੋਣ ਦਸਤਾਵੇਜ਼ਾਂ ਨੂੰ ਸੀਲ ਕਰਨ ਦੀ ਮੰਗ ਕੀਤੀ ਸੀ।ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਹੈ ਕਿ ਉਸ ਦੇ ਤਿੰਨ ਕੌਂਸਲਰਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਦੀ ਪਾਰਟੀ ‘ਚ ਸ਼ਾਮਲ ਕੀਤਾ ਗਿਆ ਹੈ।