ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਕੌਂਸਲ ਹਾਲ ਚੰਡੀਗੜ੍ਹ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਵਿੱਚ 6ਵੇਂ ਤਨਖਾਹ ਕਮਿਸ਼ਨ ਤਹਿਤ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਵਾਧਾ 1 ਜੁਲਾਈ 2024 ਤੋਂ ਲਾਗੂ ਹੋਵੇਗਾ। ਪ੍ਰਸ਼ਾਸਨ ਨੇ ਇਸ ਨਵੇਂ ਹੁਕਮ ਬਾਰੇ ਸਾਰੇ ਵਿਭਾਗਾਂ ਅਤੇ ਪ੍ਰਬੰਧਕਾਂ ਨੂੰ ਸੂਚਿਤ ਕਰ ਦਿੱਤਾ ਹੈ।
ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਵਾਧਾ ਸਿਰਫ਼ ਯੂ.ਟੀ. ਚੰਡੀਗੜ੍ਹ ਦੇ ਉਨ੍ਹਾਂ ਕਰਮਚਾਰੀਆਂ ਲਈ ਹੈ ਜੋ ਕੇਂਦਰੀ ਨਿਯਮਾਂ ਅਨੁਸਾਰ ਮਹਿੰਗਾਈ ਭੱਤਾ ਪ੍ਰਾਪਤ ਕਰ ਰਹੇ ਹਨ। ਮਹਿੰਗਾਈ ਭੱਤੇ ਵਿੱਚ ਇਹ ਵਾਧਾ ਕੇਂਦਰੀ ਪੈਟਰਨ ਤਹਿਤ ਹੋਵੇਗਾ। ਇਸ ਦੇ ਨਾਲ ਹੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਪਹਿਲਾਂ ਹੀ ਨਵੇਂ ਕਦਮ ਚੁੱਕੇ ਗਏ ਹਨ।
ਅਹਿਮ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿੰਮੇਵਾਰ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਕੇ ਇਸ ਨੋਟੀਫਿਕੇਸ਼ਨ ਦੀ ਕਾਪੀ ਅਕਾਊਂਟੈਂਟ ਜਨਰਲ, ਖਜ਼ਾਨਾ ਅਫ਼ਸਰ ਅਤੇ ਆਈ.ਟੀ. ਨੂੰ ਅਪਡੇਟ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ। ਨਾਲ ਹੀ, ਸਟੇਟ ਇਨਫੋਰਸਮੈਂਟ ਅਫਸਰ ਨੂੰ ਤਨਖਾਹ ਪੋਰਟਲ ‘ਤੇ ਇਸ ਜਾਣਕਾਰੀ ਨੂੰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।