ਚੰਡੀਗੜ੍ਹ: ਪਿਛਲੇ ਦੋ ਦਿਨਾਂ ਤੋਂ ਸ਼ਹਿਰ ਵਿੱਚ ਪੱਛਮੀ ਗੜਬੜੀ (The Western Disturbance) ਸਰਗਰਮ ਹੈ, ਜਿਸ ਕਾਰਨ ਤੇਜ਼ ਹਵਾਵਾਂ ਦੇ ਨਾਲ-ਨਾਲ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਚੰਡੀਗੜ੍ਹ ਮੌਸਮ ਕੇਂਦਰ (Chandigarh Weather Center) ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਅਲਰਟ ਵੀ ਦਿੱਤਾ ਹੈ।
ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਬੱਦਲ ਛਾਏ ਰਹਿਣ ਦੇ ਨਾਲ-ਨਾਲ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਤਾਪਮਾਨ ‘ਤੇ ਇਸ ਦਾ ਜ਼ਿਆਦਾ ਅਸਰ ਨਹੀਂ ਪਵੇਗਾ। ਤਾਪਮਾਨ 40 ਡਿਗਰੀ ਤੋਂ ਉੱਪਰ ਰਹੇਗਾ। ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 3 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਇਹ 27.7 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 1 ਡਿਗਰੀ ਘੱਟ ਹੈ। ਚੰਡੀਗੜ੍ਹ ਏਅਰਪੋਰਟ ਦੀ ਗੱਲ ਕਰੀਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ।
ਅਲਰਟ ਜਾਰੀ ਕੀਤਾ ਹੈ
ਚੰਡੀਗੜ੍ਹ ਮੌਸਮ ਕੇਂਦਰ ਨੇ ਅਗਲੇ ਤਿੰਨ ਦਿਨਾਂ ਲਈ ਅਲਰਟ ਦਿੱਤਾ ਹੈ। ਸੋਮਵਾਰ ਲਈ ਜਿੱਥੇ ਆਰੇਂਜ ਅਲਰਟ ਹੈ, ਉਥੇ ਮੰਗਲਵਾਰ ਅਤੇ ਬੁੱਧਵਾਰ ਲਈ ਯੈਲੋ ਅਲਰਟ ਦਿੱਤਾ ਗਿਆ ਹੈ। ਮੌਸਮ ਕੇਂਦਰ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਗਰਮੀ ਦੀ ਲਹਿਰ ਬਰਕਰਾਰ ਰਹੇਗੀ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜਾਂ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਅੱਗੇ ਦਾ ਤਾਪਮਾਨ
- ਸੋਮਵਾਰ ਨੂੰ ਮੌਸਮ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 44 ਡਿਗਰੀ, ਘੱਟੋ-ਘੱਟ ਤਾਪਮਾਨ 29 ਡਿਗਰੀ ਹੋ ਸਕਦਾ ਹੈ।
- ਮੰਗਲਵਾਰ ਨੂੰ ਹਲਕੇ ਬੱਦਲ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 43 ਡਿਗਰੀ, ਘੱਟੋ-ਘੱਟ ਤਾਪਮਾਨ 29 ਡਿਗਰੀ ਹੋ ਸਕਦਾ ਹੈ।
- ਬੁੱਧਵਾਰ ਨੂੰ ਵੀ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 41 ਡਿਗਰੀ, ਨਿਊਨਤਮ ਤਾਪਮਾਨ 30 ਡਿਗਰੀ ਹੋ ਸਕਦਾ ਹੈ।