ਜਲੰਧਰ : ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ (Deputy Commissioner Dr. Himanshu Agarwal) ਨੇ ਅੱਜ ਮਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਜਮ੍ਹਾਂਬੰਦੀ ਨੂੰ ਡਿਜੀਟਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਮ੍ਹਾਂਬੰਦੀ ਦੇ ਡਿਜੀਟਾਈਜ਼ੇਸ਼ਨ ਸਬੰਧੀ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਮ੍ਹਾਂਬੰਦੀ ਦੇ ਡਿਜੀਟਾਈਜ਼ੇਸ਼ਨ ਦੀ ਪ੍ਰਕਿ ਰਿਆ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਨੇ ਜਮ੍ਹਾਂਬੰਦੀ ਨੂੰ ਜਲਦੀ ਤੋਂ ਜਲਦੀ ਲਾਈਵ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।

ਉਪ ਮੰਡਲ ਮੈਜਿਸਟਰੇਟ ਨੂੰ ਆਪਣੇ ਅਧੀਨ ਆਉਂਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਡਾ: ਅਗਰਵਾਲ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਕਿਹਾ ਕਿ ਉਹ ਨਿਰਧਾਰਿਤ ਕੈਲੰਡਰ ਅਨੁਸਾਰ ਪਟਵਾਰੀ ਅਤੇ ਕਾਨੂੰਨਗੋ ਪੱਧਰ ‘ਤੇ ਚੈਕਿੰਗ ਕਰਕੇ ਨਿਯਮਤ ਰਿਪੋਰਟਾਂ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਬਕਾਇਆ ਮਾਲ ਦੀ ਰਿਕਵਰੀ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇੰਤਕਾਲ ਅਤੇ ਜ਼ਮੀਨ ਦੀ ਹੱਦਬੰਦੀ ਸਬੰਧੀ ਬਕਾਇਆ ਪਏ ਕੇਸਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਕੇਸਾਂ ਦੀ ਲਗਾਤਾਰ ਸੁਣਵਾਈ ਹੋਣੀ ਚਾਹੀਦੀ ਹੈ ਅਤੇ ਜਿਨ੍ਹਾਂ ਕੇਸਾਂ ਵਿੱਚ ਸਬੰਧਤ ਧਿਰਾਂ ਸਹਿਮਤ ਹਨ, ਉਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮਲਕੀਅਤ ਸਕੀਮ, ਪ੍ਰਸ਼ਾਸਕੀ ਇਮਾਰਤਾਂ ਵਿੱਚ ਨਵੀਂ ਉਸਾਰੀ/ਮੁਰੰਮਤ ਆਦਿ ਲਈ ਪੀ.ਐਲ.ਆਰ.ਐਸ. ਫੰਡਾਂ ਤੋਂ ਜਾਰੀ ਫੰਡਾਂ ਦੀ ਵਰਤੋਂ, ਮਾਲ ਅਦਾਲਤ ਪ੍ਰਬੰਧਨ ਪ੍ਰਣਾਲੀ, ਮਾਲ ਅਦਾਲਤ ਵਿੱਚ ਲੰਬਿਤ ਕੇਸਾਂ, ਭਾਰਤੀ ਅਤੇ ਪ੍ਰਵਾਸੀ ਭਾਰਤੀਆਂ ਵੱਲੋਂ ਆਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਮੀਖਿਆ ਕੀਤੀ। ਵਟਸਐਪ ਆਦਿ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਦੱਸਿਆ ਕਿ ਕੁਲੈਕਟਰ ਰੇਟ ਰਿਵੀਜ਼ਨ ਨਾਲ ਸਬੰਧਤ ਡਰਾਫਟ ਤਹਿਸੀਲਾਂ, ਐਸ.ਡੀ.ਐਮ ਦਫ਼ਤਰਾਂ ਅਤੇ ਐਚ.ਆਰ.ਸੀ ਸ਼ਾਖਾ ਵਿੱਚ ਉਪਲਬਧ ਹਨ, ਜਿਸ ‘ਤੇ ਲੋਕ ਕਿਸੇ ਵੀ ਤਰ੍ਹਾਂ ਦੇ ਇਤਰਾਜ਼ ਲਈ ਇਨ੍ਹਾਂ ਦਫ਼ਤਰਾਂ ਵਿੱਚ ਜਾ ਕੇ ਡਰਾਫਟ ਨੂੰ ਦੇਖ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਡਰਾਫਟ ਸਬੰਧੀ ਕੋਈ ਇਤਰਾਜ਼ ਹੈ ਤਾਂ ਉਹ ਸਬੰਧਤ ਦਫ਼ਤਰ ਵਿੱਚ ਦਿੱਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ: ਅਮਿਤ ਮਹਾਜਨ, ਐਸ.ਡੀ.ਐਮ ਜਲੰਧਰ-1 ਜੈ ਇੰਦਰ ਸਿੰਘ, ਐਸ.ਡੀ.ਐਮ ਜਲੰਧਰ-2 ਬਲਬੀਰ ਰਾਜ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply