ਜਲੰਧਰ: ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (Police Commissioner Swapan Sharma) ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਹੋਰ ਖੁਫੀਆ ਕਾਰਵਾਈ ਕਰਦਿਆਂ ਖ਼ਤਰਨਾਕ ਗੈਂਗਸਟਰ ਲਖਬੀਰ ਸਿੰਘ ਲੰਡਾ (Gangster Lakhbir Singh Landa) ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਹੋਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਬਹੁਤ ਹੀ ਭਰੋਸੇਯੋਗ ਸੂਤਰਾਂ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਸੱਤ ਦਿਨਾਂ ਤੱਕ ਚੱਲਿਆ ਆਪ੍ਰੇਸ਼ਨ ਸੀ । ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਲਈ ਜਾਲ ਵਿਛਾ ਦਿੱਤਾ ਸੀ । ਇਸ ਤਹਿਤ ਤਿੰਨ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਕੁਨਾਲ, ਗੁਰਲਾਲ ਅਤੇ ਪਰਵੇਜ਼ ਵਜੋਂ ਹੋਈ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਕੁਨਾਲ ਇੰਦੌਰ ਦਾ ਵਸਨੀਕ ਹੈ ਅਤੇ ਉਸ ਖ਼ਿਲਾਫ਼ ਅਸਲਾ ਐਕਟ, ਕਤਲ ਦੀ ਕੋਸ਼ਿਸ਼ ਅਤੇ ਨਸ਼ਾ ਤਸਕਰੀ ਦੇ ਤਹਿਤ ਸੱਤ ਕੇਸ ਚੱਲ ਰਹੇ ਹਨ। ਇਸੇ ਤਰ੍ਹਾਂ ਗੁਰਲਾਲ ਅਤੇ ਪਰਵੇਜ਼ ਪੱਟੀ ਦੇ ਰਹਿਣ ਵਾਲੇ ਚਚੇਰੇ ਭਰਾ ਹਨ ਅਤੇ ਉਨ੍ਹਾਂ ਦੀ ਉਮਰ 20 ਸਾਲ ਦੇ ਕਰੀਬ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਥਿਆਰ ਦੀ ਸਪਲਾਈ ਮੱਧ ਪ੍ਰਦੇਸ਼ ਦੇ ਇੰਦੌਰ ਵਾਸੀ ਕੁਨਾਲ ਵੱਲੋਂ ਕੀਤੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਗੁਰਲਾਲ ਦਾ ਭਰਾ ਸ਼ਰਨਜੀਤ, ਜੋ ਕਿ ਇਸ ਸਮੇਂ ਜੇਲ ‘ਚ ਬੰਦ ਹੈ, ਅਮਰੀਕਾ ਸਥਿਤ ਗੈਂਗਸਟਰਾਂ ਗੁਰਦੇਵ ਗਿੱਲ ਅਤੇ ਲਖਬੀਰ ਸਿੰਘ ਲੰਡਾ ਦੇ ਨਜ਼ਦੀਕੀ ਹਨ, ਜੋ ਕਿ ਫਿਰੌਤੀ ਅਤੇ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਲੰਡਾ ਅਤੇ ਗਿੱਲ ਇਸ ਰੈਕੇਟ ਦੇ ਸੰਚਾਲਕ ਹਨ ਅਤੇ ਕਿਹਾ ਕਿ ਇੰਦੌਰ ਦੇ ਕੁਨਾਲ ਨੂੰ ਹਵਾਲਾ ਚੈਨਲ ਰਾਹੀਂ ਹਥਿਆਰ ਖਰੀਦਣ ਲਈ ਪੈਸੇ ਦਿੱਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ .32 ਬੋਰ ਦੇ 12 ਪਿਸਤੌਲ, 5.34 ਬੋਰ ਦੇ ਪੰਜ ਪਿਸਤੌਲ, 33 ਮੈਗਜ਼ੀਨ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਤਰਨਤਾਰਨ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ਤੋਂ ਜ਼ਬਤ ਕੀਤੇ ਗਏ ਹਨ ਅਤੇ ਇਹ ਹਥਿਆਰ ਮੋਗਾ, ਫ਼ਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਫੈਲੇ ਲੰਡਾ ਦੇ ਸਾਥੀਆਂ ਲਈ ਸਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।