ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੀ ਜਸਰੋਟਾ ਪੱਟੀ ਵਿੱਚ ਅੱਜ ਯਾਨੀ ਐਤਵਾਰ ਨੂੰ ਇੱਕ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Congress president Mallikarjun Kharge) ਨੂੰ ਚੱਕਰ ਆ ਗਿਆ। ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਪਾਰਟੀ ਆਗੂਆਂ ਨੇ ਇਹ ਜਾਣਕਾਰੀ ਦਿੱਤੀ। ਖੜਗੇ ਕਠੂਆ ‘ਚ ਅੱਤਵਾਦੀਆਂ ਖ਼ਿਲਾਫ਼ ਚੱਲ ਰਹੇ ਆਪਰੇਸ਼ਨ ‘ਚ ਸ਼ਹੀਦ ਹੋਏ ਹੈੱਡ ਕਾਂਸਟੇਬਲ ਨੂੰ ਸ਼ਰਧਾਂਜਲੀ ਦੇ ਰਹੇ ਸਨ।

ਕਾਂਗਰਸ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਨੇ ਦੱਸਿਆ, “ਉਹ ਜਸਰੋਟਾ ਵਿੱਚ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਦੋਂ ਉਹ ਬੇਚੈਨ ਮਹਿਸੂਸ ਕਰ ਰਹੇ ਸਨ ਅਤੇ ਚੱਕਰ ਆਉਣ ਲੱਗੇ। ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬਿਠਾਉਣ ਵਿਚ ਮਦਦ ਕੀਤੀ।

ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਦੀ ਹਾਲਤ ਸਥਿਰ ਹੈ। ਖੜਗੇ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦੇ ਉਮੀਦਵਾਰਾਂ ਦਾ ਸਮਰਥਨ ਜੁਟਾਉਣ ਲਈ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਜਸਰੋਟਾ ਪੁੱਜੇ ਸਨ। ਉਹ ਊਧਮਪੁਰ ਜ਼ਿਲ੍ਹੇ ਦੇ ਰਾਮਨਗਰ ਵਿੱਚ ਇੱਕ ਹੋਰ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨ ਵਾਲੇ ਹਨ। ਜੰਮੂ-ਕਸ਼ਮੀਰ ਕਾਂਗਰਸ ਦੇ ਉਪ-ਪ੍ਰਧਾਨ ਰਵਿੰਦਰ ਸ਼ਰਮਾ ਨੇ ਕਿਹਾ ਕਿ ਖੜਗੇ ਨੂੰ ਚੱਕਰ ਆਇਆ ਅਤੇ ਉਨ੍ਹਾਂ ਨੂੰ ਇਕ ਕਮਰੇ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੂੰ ਜਾਂਚ ਲਈ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਡਾਕਟਰ ਇਸ ਬਾਰੇ ਸਲਾਹ ਦੇਣਗੇ ਕਿ ਉਹ ਦੂਜੀ ਰੈਲੀ ਵਿੱਚ ਹਿੱਸਾ ਲੈ ਸਕਦੇ ਹਨ ਜਾਂ ਨਹੀਂ।

Leave a Reply