ਦੀਨਾਨਗਰ : ਦੀਨਾਨਾਗਰ ਵਿਧਾਨ ਸਭਾ ਹਲਕੇ ਦੇ ਪਿੰਡ ਚਾਵਾ ਵਿੱਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ (Poisonous Gas) ਲੈਣ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਕਨ੍ਹਈਆ ਕੁਮਾਰ ਦੀ ਮੌਤ ਹੋ ਗਈ ਅਤੇ ਦੋ ਹੋਰ ਮਜ਼ਦੂਰ ਬੇਹੋਸ਼ ਹੋ ਗਏ। ਇਨ੍ਹਾਂ ਵਿੱਚੋਂ ਇੱਕ ਮਜ਼ਦੂਰ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਪਰ ਅੱਜ ਉਹ ਵੀ ਮੌਤ ਦੀ ਲੜਾਈ ਹਾਰ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਸ਼ਾਮ ਉਸ ਦੀ ਮੌਤ ਦੀ ਸੂਚਨਾ ਮਿਲੀ। ਦੂਜੇ ਪਾਸੇ ਪ੍ਰਸ਼ਾਸਨ ਨੇ ਐਸਡੀਐਮ (SDM) ਦੀਨਾਨਗਰ ਨੂੰ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ, ਜਿਸ ਤੋਂ ਬਾਅਦ ਇੱਕ ਹਫ਼ਤੇ ਵਿੱਚ ਸਾਰੀ ਜਾਂਚ ਪ੍ਰਸ਼ਾਸਨ ਨੂੰ ਸੌਂਪਣ ਦਾ ਸਮਾਂ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਜਦੋਂ ਕਨ੍ਹਈਆ ਕੁਮਾਰ ਸੀਵਰੇਜ ਦੀ ਸਫ਼ਾਈ ਕਰਨ ਲਈ ਹੇਠਾਂ ਉਤਰਿਆ ਤਾਂ ਗੈਸ ਭਰਨ ਕਾਰਨ ਉਹ ਬੇਹੋਸ਼ ਹੋ ਗਿਆ। ਉਸ ਨੂੰ ਬਚਾਉਣ ਲਈ ਉਸ ਦਾ ਭਰਾ ਮੋਨੂੰ ਅਤੇ ਉਸ ਦਾ ਭਤੀਜਾ ਨੇਵੀ ਵੀ ਸੀਵਰੇਜ ਵਿੱਚ ਵੜ ਗਿਆ ਅਤੇ ਉਹ ਵੀ ਬੇਹੋਸ਼ ਹੋ ਗਏ। ਇਸ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਉਸ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਕਿ ਡਾਕਟਰਾਂ ਨੇ ਉਨ੍ਹਾਂ ਵਿੱਚੋਂ ਇਕ ਮਜ਼ਦੂਰ ਕਨ੍ਹਈਆ ਕੁਮਾਰ ਨੂੰ ਮ੍ਰਿਤਕ ਐਲਾਨ ਕਰ ਦਿੱਤਾ।