ਜ਼ਿਮਨੀ ਚੋਣ : ਵੋਟਰਾਂ ਦੀ ਸਹੂਲਤ ਲਈ ਹਲਕੇ ‘ਚ ਬਣਾਏ ਗਏ 181 ਪੋਲਿੰਗ ਸਟੇਸ਼ਨ
By admin / July 8, 2024 / No Comments / Punjabi News
ਜਲੰਧਰ : 10 ਜੁਲਾਈ ਨੂੰ ਹੋਣ ਜਾ ਰਹੀ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰਿਟਰਨਿੰਗ ਅਫ਼ਸਰ ਅਲਕਾ ਅਤੇ ਡੀ.ਸੀ.ਪੀ. ਅਦਿੱਤਿਆ ਨੇ ਕਿਹਾ ਕਿ ਹਲਕੇ ਵਿੱਚ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਲਕੇ ਦੇ ਕੁੱਲ 1,71,963 ਵੋਟਰਾਂ ਵਿੱਚ 89,629 ਮਰਦ, 82,326 ਇਸਤਰੀ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ ਅਤੇ ਵੋਟਰਾਂ ਦੀ ਸਹੂਲਤ ਲਈ ਹਲਕੇ ਵਿੱਚ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੇ ਪੋਲਿੰਗ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨੂੰ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਕੁੱਲ 874 ਪੀ.ਡੀ.ਐਲ.ਬੀ.ਡੀ. ਅਜਿਹੇ ਵੋਟਰ ਹਨ, ਜਿਨ੍ਹਾਂ ਲਈ ਪੋਲਿੰਗ ਸਟੇਸ਼ਨਾਂ ‘ਤੇ ਵ੍ਹੀਲਚੇਅਰ ਅਤੇ ਰੈਂਪ ਸਮੇਤ ਆਵਾਜਾਈ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ 746 ਵੋਟਰ, 18-19 ਸਾਲ ਦੀ ਉਮਰ ਦੇ 5010 ਵੋਟਰ ਅਤੇ 72 ਸਰਵਿਸ ਵੋਟਰ ਹਨ।
ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣਾਂ ਦੌਰਾਨ 10 ਮਾਡਲ ਪੋਲਿੰਗ ਸਟੇਸ਼ਨ ਤਿਆਰ ਕੀਤੇ ਗਏ ਹਨ, ਜਿੱਥੇ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਇੱਕ ਪੋਲਿੰਗ ਸੈਂਟਰ ਦਾ ਸੰਚਾਲਨ ਮਹਿਲਾ ਕਰਮਚਾਰੀਆਂ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲਾਇਲਪੁਰ ਖ਼ਾਲਸਾ ਕਾਲਜ ਵਿੱਚ ਇੱਕ ਡਿਸਪੈਚ ਸੈਂਟਰ ਬਣਾਇਆ ਗਿਆ ਹੈ, ਜਿੱਥੋਂ 9 ਜੁਲਾਈ ਨੂੰ ਸਾਰੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 8 ਜੁਲਾਈ ਨੂੰ ਸ਼ਾਮ 6 ਵਜੇ ਤੋਂ 10 ਜੁਲਾਈ, 2024 ਨੂੰ ਵੋਟਿੰਗ ਪ੍ਰਕਿਰਿਆ ਦੀ ਸਮਾਪਤੀ ਤੱਕ ਹਲਕੇ ਅਤੇ ਇਸ ਦੇ 3 ਕਿਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਮਨਾਇਆ ਜਾਵੇਗਾ।
ਡੀ.ਸੀ.ਪੀ ਅਦਿੱਤਿਆ ਨੇ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ, ਨਕਦੀ ਆਦਿ ਦੀ ਦੁਰਵਰਤੋਂ ਨੂੰ ਰੋਕਣ ਲਈ ਪੁਲਿਸ ਆਪਣੀ ਪੂਰੀ ਤਾਕਤ ਲਗਾ ਰਹੀ ਹੈ ਅਤੇ ਵਿਸ਼ੇਸ਼ ਨਾਕੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਮਨ-ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।