ਜ਼ਿਲ੍ਹਾ ਚੋਣ ਅਫ਼ਸਰ ਨੇ BDPO ਸਮੇਤ ਛੇ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ
By admin / May 30, 2024 / No Comments / Punjabi News
ਗੁਰਦਾਸਪੁਰ: ਗੁਰਦਾਸਪੁਰ ਲੋਕ ਸਭਾ ਸੀਟ (Gurdaspur Lok Sabha Seat) ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਦੇ ਦੋਸ਼ ਵਿੱਚ ਜ਼ਿਲ੍ਹਾ ਚੋਣ ਅਫ਼ਸਰ (The District Election Officer) ਨੇ ਥਾਣਾ ਫਤਿਹਗੜ੍ਹ ਚੂੜੀਆਂ ਦੇ ਬੀ.ਡੀ.ਪੀ.ਓ. ਸਮੇਤ ਛੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਬੀ.ਡੀ.ਪੀ.ਓ. ਪ੍ਰਗਟ ਸਿੰਘ, ਗ੍ਰਾਮ ਵਿਕਾਸ ਅਫ਼ਸਰ ਕੁਲਜਿੰਦਰ ਸਿੰਘ, ਪੰਚਾਇਤ ਸਕੱਤਰ ਮੇਜਰ ਸਿੰਘ, ਗ੍ਰਾਮ ਰੋਜ਼ਗਾਰ ਸੇਵਕ ਵਿਲੀਅਮ ਮਸੀਹ, ਸੁਖਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਫਤਿਹਗੜ੍ਹ ਚੂੜੀਆਂ ਦੇ ਵਿਧਾਇਕ ਨੇ ਕੀਤੀ ਸੀ ਸ਼ਿਕਾਇਤ
ਫਤਿਹਗੜ੍ਹ ਚੂੜੀਆਂ ਦੇ ਵਿਧਾਇਕ ਨੇ ਸ਼ਿਕਾਇਤ ਕੀਤੀ ਸੀ ਕਿ ਸਰਕਾਰੀ ਪਾਰਕ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਸ਼ਿਕਾਇਤ ਸਹੀ ਪਾਏ ਜਾਣ ‘ਤੇ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਸ਼ਿਕਾਇਤ ਸਹੀ ਪਾਈ ਗਈ ਤਾਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਪਾਰਕ ਵਿੱਚ ਟਾਈਲਾਂ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਲਈ ਐਸ.ਐਸ.ਪੀ. ਨੂੰ ਪੱਤਰ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਚੋਣ ਜ਼ਾਬਤਾ ਲਾਗੂ ਨਾ ਕਰਨ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ, ਮੈਨੇਜਰ ਕਮ ਵੀਡੀਓ ਓਮ ਪ੍ਰਕਾਸ਼ ਅਤੇ ਪੰਚਾਇਤ ਸਕੱਤਰ ਕੁਲਦੀਪ ਸਿੰਘ ਨੂੰ ਮੁਅੱਤਲ ਕਰਕੇ ਅਨੁਸ਼ਾਸਨੀ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੀਤੀ ਇਹ ਅਪੀਲ
ਇਸੇ ਤਰ੍ਹਾਂ ਫਤਿਹਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿੱਚ ਸੀਮਿੰਟ ਦੇ ਗੱਟੇ ਵੰਡਣ ਦੇ ਦੋਸ਼ ਵਿੱਚ ਇਸੇ ਪਿੰਡ ਦੇ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਪਹਿਲੇ ਦਿਨ ਤੋਂ ਹੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੁਲਿਸ ਇਸ ਗੱਲ ’ਤੇ ਜ਼ੋਰ ਦੇ ਰਹੇ ਹਨ ਕਿ ਚੋਣ ਪ੍ਰਚਾਰ ਅਤੇ ਚੋਣ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਨਾ ਕੀਤੀ ਜਾਵੇ।