ਸੰਭਲ : ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ (Sambhal District) ਦੀ ਜਾਮਾ ਮਸਜਿਦ ਵਿੱਚ ਅਦਾਲਤ ਦੇ ਹੁਕਮਾਂ ’ਤੇ ਅੱਜ ਦੂਜੀ ਵਾਰ ਸਰਵੇਖਣ ਦਾ ਕੰਮ ਸ਼ੁਰੂ ਹੋਇਆ ਪਰ ਇਸ ਦੌਰਾਨ ਬੇਕਾਬੂ ਅਨਸਰਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਮਗਰੋਂ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਹਲਕੇ ਬਲ ਦੀ ਵਰਤੋਂ ਕੀਤੀ । ਇਸ ਘਟਨਾ ਵਿੱਚ 20 ਤੋਂ ਵੱਧ ਪੁਲਿਸ ਮੁਲਾਜ਼ਮ ਅਤੇ ਦੋ ਦਰਜਨ ਲੋਕ ਜ਼ਖ਼ਮੀ ਹੋ ਗਏ। ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।

10 ਲੋਕ ਹਿਰਾਸਤ ‘ਚ
ਜਾਣਕਾਰੀ ਮਿਲੀ ਹੈ ਕਿ 10 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਅਤੇ ਹਿੰਸਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕੁਝ ਲੋਕਾਂ ਨੇ ਸੜਕ ਕਿਨਾਰੇ ਖੜ੍ਹੇ ਮੋਟਰਸਾਈਕਲਾਂ ਨੂੰ ਅੱਗ ਲਾਉਣ ਦੀ ਕੋਸ਼ਿਸ਼ ਵੀ ਕੀਤੀ। ਸਥਾਨਕ ਅਦਾਲਤ ਦੇ ਹੁਕਮਾਂ ‘ਤੇ ਪਿਛਲੇ ਮੰਗਲਵਾਰ ਜਾਮਾ ਮਸਜਿਦ ਦਾ ਸਰਵੇਖਣ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪਿਛਲੇ ਕੁਝ ਦਿਨਾਂ ਤੋਂ ਸੰਭਲ ‘ਚ ਤਣਾਅ ਬਣਿਆ ਹੋਇਆ ਹੈ।

ਦੋਸ਼ੀਆਂ ਖ਼ਿਲਾਫ਼ ਕੀਤੀ ਜਾਵੇਗੀ ਕਾਰਵਾਈ 
ਦਰਅਸਲ, ਸਥਾਨਕ ਅਦਾਲਤ ‘ਚ ਇਕ ਪਟੀਸ਼ਨ ਦਾਇਰ ਕਰਕੇ ਦਾਅਵਾ ਕੀਤਾ ਗਿਆ ਹੈ ਕਿ ਜਿਸ ਜਗ੍ਹਾ ‘ਤੇ ਜਾਮਾ ਮਸਜਿਦ ਸਥਿਤ ਹੈ, ਉੱਥੇ ਪਹਿਲਾਂ ਹਰੀਹਰ ਮੰਦਰ ਸੀ। ਸਥਾਨਕ ਪ੍ਰਸ਼ਾਸਨ ਅਨੁਸਾਰ ਅਦਾਲਤ ਦੇ ਹੁਕਮਾਂ ਤਹਿਤ ‘ਐਡਵੋਕੇਟ ਕਮਿਸ਼ਨਰ’ ਨੇ ਸਵੇਰੇ ਕਰੀਬ 7 ਵਜੇ ਵਿਵਾਦਤ ਥਾਂ ’ਤੇ ਦੂਜੀ ਵਾਰ ਸਰਵੇਖਣ ਦਾ ਕੰਮ ਸ਼ੁਰੂ ਕੀਤਾ ਅਤੇ ਇਸ ਦੌਰਾਨ ਮੌਕੇ ’ਤੇ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ। ਪੁਲਿਸ ਨੇ ਕਿਹਾ, ”ਘਟਨਾ ਵਾਲੀ ਥਾਂ ਦੇ ਨੇੜੇ ਇਕੱਠੀ ਹੋਈ ਭੀੜ ‘ਚੋਂ ਕੁਝ ਬਦਮਾਸ਼ ਬਾਹਰ ਆਏ ਅਤੇ ਪੁਲਿਸ ਟੀਮ ‘ਤੇ ਪਥਰਾਅ ਕੀਤਾ। ਪੁਲਿਸ ਨੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਹਲਕੀ ਤਾਕਤ ਦੀ ਵਰਤੋਂ ਕੀਤੀ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਪੁਲਿਸ ਨੇ ਕਿਹਾ ਕਿ ਡਰੋਨ ਅਤੇ ਸੀ.ਸੀ.ਟੀ.ਵੀ. ਫੁਟੇਜ ਰਾਹੀਂ ਲੋਕਾਂ ਦੀ ਪਛਾਣ ਕੀਤੀ ਜਾਵੇਗੀ। ਪਥਰਾਅ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ-ਦੋ ਪੁਲਿਸ ਮੁਲਾਜ਼ਮ ਹਸਪਤਾਲ ਵਿੱਚ ਦਾਖ਼ਲ ਹਨ। ਪਥਰਾਅ ਕਰਨ ਵਾਲਿਆਂ ਅਤੇ ਉਨ੍ਹਾਂ ਨੂੰ ਭੜਕਾਉਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Leave a Reply