ਪੰਜਾਬ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Waris Punjab chief Amritpal Singh) ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਦੇ ਦੋ ਸਾਥੀਆਂ ਦੀ ਸਿਹਤ ਵਿਗੜ ਗਈ ਹੈ। ਦਰਅਸਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਰਾਸ਼ਟਰੀ ਸੁਰੱਖਿਆ ਕਾਨੂੰਨ (National Security Law) ਤਹਿਤ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀ ਪਿਛਲੇ 2 ਹਫਤਿਆਂ ਤੋਂ ਭੁੱਖ ਹੜਤਾਲ ‘ਤੇ ਹਨ। ਇਸ ਕਾਰਨ ਉਨ੍ਹਾਂ ਦੇ ਦੋ ਸਾਥੀਆਂ ਦੀ ਸਿਹਤ ਵਿਗੜ ਗਈ ਹੈ, ਜਿਨ੍ਹਾਂ ਨੂੰ ਹੁਣ ਆਸਾਮ ਦੇ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ‘ਚ ਤਬਦੀਲ ਕਰਨ ਦੀ ਮੰਗ ‘ਤੇ ਅੜੇ ਹੋਏ ਹਨ ਅਤੇ ਕਹਿ ਰਹੇ ਹਨ ਕਿ ਹੁਣ ਉਹ ਪੰਜਾਬ ਦੀ ਧਰਤੀ ‘ਤੇ ਹੀ ਰੋਟੀ-ਪਾਣੀ ਖਾਣਗੇ। ਉਪਰੋਕਤ ਮਾਮਲੇ ਦੀ ਜਾਣਕਾਰੀ ਵਾਰਿਸ ਪੰਜਾਬ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਹਿਰਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਰੇ 9 ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ’ਤੇ ਹਨ। ਇਨ੍ਹਾਂ ਵਿੱਚੋਂ ਕੁਲਵੰਤ ਸਿੰਘ ਰਾਉਕੇ ਅਤੇ ਗੁਰਮੀਤ ਸਿੰਘ ਬੁੱਕਰਵਾਲਾ ਨਾਮਕ ਦੋ ਦੋਸਤਾਂ ਦੀ ਸਿਹਤ ਵਿਗੜ ਗਈ ਹੈ। ਕੁਲਵੰਤ ਸਿੰਘ ਨੂੰ ਮਿਰਗੀ ਦੇ ਦੌਰੇ ਪੈ ਰਹੇ ਹਨ।

ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਹਿਰਾ ਨੇ ਵੀ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਦਦ ਮੰਗੀ ਹੈ। ਉਨ੍ਹਾਂ ਕਿਹਾ ਕਿ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਹਰ ਇੱਕ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾਵੇ। ਪ੍ਰਸ਼ਾਸਨ ਵੱਲੋਂ ਹਰ ਕਿਸੇ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਬਾਥਰੂਮਾਂ ਵਿੱਚ ਕੈਮਰੇ ਵੀ ਲਾਏ ਗਏ ਹਨ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਦੇ ਭੁੱਖ ਹੜਤਾਲ ‘ਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲੇ ਵੀ ਭੁੱਖ ਹੜਤਾਲ ‘ਤੇ ਹਨ। ਇਮਾਨ ਨੇ ਲੋਕਾਂ ਨੂੰ ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ’ਤੇ ਲਾਏ ਮੋਰਚੇ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

Leave a Reply