ਝਾਰਖੰਡ : ਝਾਰਖੰਡ ਹਾਈ ਕੋਰਟ ਨੇ ਅੱਜ ਜ਼ਮੀਨ ਘੁਟਾਲੇ ਦੇ ਮਾਮਲੇ ‘ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਹੈ। ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਰੇਨ, ਆਈ.ਏ.ਐਸ ਅਧਿਕਾਰੀ ਅਤੇ ਰਾਂਚੀ ਦੇ ਸਾਬਕਾ ਡਿਪਟੀ ਕਮਿਸ਼ਨਰ ਛਵੀ ਰੰਜਨ, ਭਾਨੂ ਪ੍ਰਤਾਪ ਪ੍ਰਸਾਦ ਅਤੇ ਹੋਰਾਂ ਸਮੇਤ 25 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਆਪਣੀ ਗ੍ਰਿਫ਼ਤਾਰੀ ਦੇ ਸਮੇਂ, ਸੋਰੇਨ ਨੇ ਆਪਣੇ ਵਿਰੁੱਧ ਜ਼ਮੀਨ ਹੜੱਪਣ ਦੇ ਦੋਸ਼ਾਂ ਦਾ ਜ਼ੋਰਦਾਰ ਖੰਡਨ ਕੀਤਾ ਸੀ ਅਤੇ ਕਿਹਾ ਸੀ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿਆਸੀ ਬਦਲਾਖੋਰੀ ਦੇ ਹਿੱਸੇ ਵਜੋਂ ਉਸ ਵਿਰੁੱਧ ਮਨੀ ਲਾਂਡਰਿੰਗ ਦਾ ਕੇਸ ਲਗਾਇਆ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਡਗਾਈ ਆਂਚਲ ਜ਼ਮੀਨ ਘੁਟਾਲੇ ਮਾਮਲੇ ਵਿੱਚ ਹੇਮੰਤ ਸੋਰੇਨ ਦੀ ਜ਼ਮਾਨਤ ਪਟੀਸ਼ਨ ’ਤੇ 13 ਜੂਨ ਨੂੰ ਸੁਣਵਾਈ ਪੂਰੀ ਹੋ ਗਈ ਸੀ। ਅਦਾਲਤ ਨੇ ਫ਼ੈੈਸਲਾ ਸੁਰੱਖਿਅਤ ਰੱਖ ਲਿਆ ਸੀ। ਈ.ਡੀ ਨੇ ਦੋਸ਼ ਲਗਾਇਆ ਹੈ ਕਿ ਹੇਮੰਤ ਸੋਰੇਨ ਨੇ ਬਡਗਾਈ ਖੇਤਰ ਵਿੱਚ 8.86 ਏਕੜ ਜ਼ਮੀਨ ਉੱਤੇ ਅਣਅਧਿਕਾਰਤ ਕਬਜ਼ਾ ਕੀਤਾ ਹੋਇਆ ਹੈ। ਸੁਣਵਾਈ ਦੌਰਾਨ ਈ.ਡੀ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਐਸ.ਵੀ ਰਾਜੂ ਨੇ ਕਿਹਾ ਸੀ ਕਿ ਹੇਮੰਤ ਸੋਰੇਨ ਨੇ ਬਡਗਾਈ ਇਲਾਕੇ ਵਿੱਚ 8.86 ਏਕੜ ਜ਼ਮੀਨ ਉੱਤੇ ਅਣਅਧਿਕਾਰਤ ਕਬਜ਼ਾ ਕੀਤਾ ਹੋਇਆ ਹੈ। ਇਹ ਪੀ.ਐਮ.ਐਲ.ਏ ਐਕਟ ਵਿੱਚ ਸ਼ਾਮਲ ਵਿਵਸਥਾਵਾਂ ਦੇ ਤਹਿਤ ਮਨੀ ਲਾਂਡਰਿੰਗ ਹੈ।

ਸੀਨੀਅਰ ਵਕੀਲ ਐਸ.ਵੀ ਰਾਜੂ ਨੇ ਕਿਹਾ ਸੀ ਕਿ ਹੇਮੰਤ ਸੋਰੇਨ ਜ਼ਮੀਨ ਘੁਟਾਲੇ ਦਾ ਸਭ ਤੋਂ ਵੱਡਾ ਲਾਭਪਾਤਰੀ ਹੈ ਅਤੇ ਉਸ ਨੇ ਆਪਣੇ ਬਚਾਅ ਲਈ ਰਾਜ ਦੇ ਅਧਿਕਾਰੀਆਂ ਦੀ ਵਰਤੋਂ ਕੀਤੀ ਹੈ। ਜੇਕਰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਹੇਮੰਤ ਸੋਰੇਨ ਜਾਂਚ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰ ਸਕਦੇ ਹਨ। ਉਨ੍ਹਾਂ ਨੂੰ ਜ਼ਮਾਨਤ ਦੀ ਸਹੂਲਤ ਨਹੀਂ ਦਿੱਤੀ ਜਾਣੀ ਚਾਹੀਦੀ।

Leave a Reply