ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਸਰਵ ਆਂਗਣਵਾੜੀ ਵਰਕਰਾਂ ਤੇ ਹੈਲਪਰਜ਼ ਯੂਨੀਅਨ ਪੰਜਾਬ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਂਗਣਵਾੜੀ ਵਰਕਰਾਂ ਨੂੰ ਗ੍ਰੇਡ 3 ਅਤੇ ਹੈਲਪਰਾਂ ਨੂੰ ਗ੍ਰੇਡ 4 ਦਾ ਦਰਜਾ ਦੇਣਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਰੱਖਣਾ, ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਣਾ ਆਦਿ ਸ਼ਾਮਲ ਹਨ। ਆਂਗਣਵਾੜੀ ਵਰਕਰ ਹੈਲਪਰ ਸੇਵਾਮੁਕਤੀ ਅਤੇ ਗ੍ਰੈਚੁਟੀ ਨਾਲ ਸਬੰਧਤ ਮੰਗਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਅਸਾਮੀਆਂ ‘ਤੇ ਭਰਤੀ, ਮੈਡੀਕਲ ਛੁੱਟੀ, ਆਯੂਸ਼ਮਾਨ ਬੀਮਾ ਯੋਜਨਾ ਨਾਲ ਜੋੜ ਕੇ ਮੁਫਤ ਇਲਾਜ ਲਈ ਕਾਰਡ ਬਣਾਉਣਾ, ਮਨੁੱਖੀ ਭੱਤਾ ਦੁੱਗਣਾ ਕਰਨਾ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਪੂਰੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਯੂਨੀਅਨ ਦੀਆਂ ਮੰਗਾਂ ਦੇ ਹੱਲ ਲਈ 5 ਅਗਸਤ 2024 ਨੂੰ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਤੈਅ ਕੀਤੀ ਹੈ। ਇਸ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਜ਼ੀ ਪੀ ਸ੍ਰੀਵਾਸਤਵ, ਡਾਇਰੈਕਟਰ ਡਾ: ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ, ਡੀ.ਪੀ.ਓ ਮੁੱਖ ਦਫ਼ਤਰ ਸੁਮਨਦੀਪ ਕੌਰ ਅਤੇ ਸੁਪਰਡੈਂਟ ਬਲਰਾਜ ਕੌਰ ਹਾਜ਼ਰ ਸਨ।

Leave a Reply