ਅੰਮ੍ਰਿਤਸਰ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦੇਣ ‘ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕੇਂਦਰ ਸਰਕਾਰ ’ਤੇ ਘੱਟਗਿਣਤੀ ਭਾਈਚਾਰੇ ਲਈ ਵੱਖ-ਵੱਖ ਨੀਤੀਆਂ ਅਪਣਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਲਾਤਕਾਰ ਵਰਗੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਮੁਖੀ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਬੰਦੀ ਸਿੰਘ ਨੂੰ ਪੈਰੋਲ ਕਿਉਂ ਨਹੀਂ ਦਿੱਤੀ ਜਾ ਰਹੀ।

ਪ੍ਰਤਾਪ ਸਿੰਘ ਨੇ ਕਿਹਾ ਕਿ ਜੇਕਰ ਡੇਰਾ ਮੁਖੀ ਨੂੰ ਇਸ ਸਮਾਜ ਵਿੱਚ ਘੁੰਮਣ ਲਈ ਆਜ਼ਾਦ ਛੱਡਿਆ ਜਾ ਸਕਦਾ ਹੈ ਤਾਂ ਕੇਂਦਰ ਸਰਕਾਰ ਲਈ ਸਿੱਖ ਧਰਮ ਦੀ ਲੜਾਈ ਲੜ ਰਹੇ ਸਿੱਖ ਕੈਦੀਆਂ ਨੂੰ ਰਿਹਾਅ ਕਰਨਾ ਕਿਉਂ ਔਖਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਜਦੋਂ ਵੀ ਕਿਤੇ ਚੋਣਾਂ ਹੋਣੀਆਂ ਹੁੰਦੀਆਂ ਹਨ ਤਾਂ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਹਾਲੇ ਵੀ ਚੋਣਾਂ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਇੱਕ ਵਾਰ ਫਿਰ ਗੁਰਮੀਤ ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਦਿੱਤੀ ਗਈ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ।

ਧਿਆਨ ਯੋਗ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਸਬੰਧੀ ਸ਼੍ਰੋਮਣੀ ਕਮੇਟੀ ਦੀ ਮਾਨਯੋਗ ਅਦਾਲਤ ਵਿੱਚ ਵੀ ਕੇਸ ਦਾਇਰ ਕੀਤਾ ਗਿਆ ਸੀ ਕਿ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਨਾ ਦਿੱਤੀ ਜਾਵੇ ਪਰ ਇੱਕ ਵਾਰ ਫਿਰ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ ਦੀ ਨਿਖੇਧੀ ਕੀਤੀ ਹੈ। ਦੱਸਿਆ ਗਿਆ ਹੈ ਕਿ ਗੁਰਮੀਤ ਰਾਮ ਰਹੀਮ 21 ਦਿਨਾਂ ਲਈ ਪੈਰੋਲ ‘ਤੇ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਰਹੇਗਾ।

Leave a Reply