ਸ੍ਰੀ ਆਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿੱਚ ਲੰਗਰ ਦੀ ਸੇਵਾ ਕਰ ਰਹੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਬੀਤੇ ਦਿਨ ਨਿਹੰਗ ਬਾਣੇ ’ਚ 5 ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ 3 ਮੁਲਾਜ਼ਮ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਥਾਨਕ ਭਾਈ ਜੈਤਾਜੀ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਘਟਨਾ ਕਾਰਨ ਸਨਸਨੀ ਫੈਲ ਗਈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਕਰੀਬ 5 ਵਿਅਕਤੀ ਨਿਹੰਗ ਬਾਣੇ ਵਾਲੇ ਲੰਗਰ ਹਾਲ ਵਿੱਚ ਆਏ ਅਤੇ ਸੇਵਾਦਾਰਾਂ ਨਾਲ ਬਹਿਸ ਕਰਨ ਲੱਗੇ। ਜਦੋਂ ਸੇਵਾਦਾਰਾਂ ਨੇ ਉਨ੍ਹਾਂ ਨੂੰ ਬਹਿਸ ਕਰਨ ਤੋਂ ਰੋਕਿਆ ਅਤੇ ਕਿਹਾ ਕਿ ਤਖ਼ਤ ਸਾਹਿਬ ਧਾਰਮਿਕ ਸਥਾਨ ਹੈ ਅਤੇ ਸੰਗਤਾਂ ਲੰਗਰ ਛਕਦੀਆਂ ਹਨ, ਇਸ ਲਈ ਉਨ੍ਹਾਂ ਨੂੰ ਸ਼ਾਂਤੀ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸੇਵਾਦਾਰਾਂ ਨਾਲ ਬਹਿਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਲੰਗਰ ‘ਚ ਸੇਵਾ ਕਰ ਰਹੇ ਮੁਲਾਜ਼ਮਾਂ ‘ਤੇ ਖੰਡੇ ਅਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ।

ਇਸ ਹਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜ਼ਮ ਮੱਖਣ ਸਿੰਘ, ਰਤਨ ਸਿੰਘ ਅਤੇ ਭਗਵੰਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਸੇਵਾਦਾਰਾਂ ਨੇ ਤੁਰੰਤ ਤਿੰਨਾਂ ਜ਼ਖ਼ਮੀ ਮੁਲਾਜ਼ਮਾਂ ਨੂੰ ਸਥਾਨਕ ਭਾਈ ਜੈਤਾਜੀ ਸਿਵਲ ਹਸਪਤਾਲ ਪਹੁੰਚਾਇਆ। ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੀ ਸਾਰੀ ਸੂਚਨਾ ਸਥਾਨਕ ਪੁਲੀਸ ਨੂੰ ਦੇ ਦਿੱਤੀ ਗਈ ਹੈ।

ਇਸ ਸਬੰਧੀ ਚੌਕੀ ਇੰਚਾਰਜ ਸਬ-ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਇਸ ਹਮਲੇ ਦੇ ਕਥਿਤ ਦੋਸ਼ੀ ਦਲੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਅੰਮ੍ਰਿਤਸਰ, ਅਮਨਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਗੁਰਦਾਸਪੁਰ ਅਤੇ ਹਰਮਨਦੀਪ ਸਿੰਘ ਪੁੱਤਰ ਸ. ਮਨਜੀਤ ਸਿੰਘ ਵਾਸੀ ਪਿੱਪਲੀ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਹਮਲਾਵਰਾਂ ਦੀ ਭਾਲ ਜਾਰੀ ਹੈ।

Leave a Reply