ਮੋਗਾ: ਗੁਆਂਢ ਵਿੱਚ ਤੇਜ ਆਵਾਜ਼ ਵਿੱਚ ਵੱਜ ਰਹੇ ਗਾਣਿਆਂ ਨੇ ਇੱਕ ਨੌਜਵਾਨ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੂੜਚੱਕ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਜ਼ਹਿਰੀਲੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਨੇ ਇਸ ਸਬੰਧੀ 4 ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 306, 120ਬੀ ਤਹਿਤ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ (ਉਮਰ 36) ਵਜੋਂ ਹੋਈ ਹੈ, ਜਿਸ ਦਾ ਇੱਕ ਪੁੱਤਰ ਵੀ ਹੈ।ਦੱਸ ਦੇਈਏ ਕਿ ਮ੍ਰਿਤਕ ਗੁਰਦੀਪ ਸਿੰਘ ਆਪਣੇ ਪਿੱਛੇ 10 ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ ਹੈ। ਮ੍ਰਿਤਕ ਦੀ ਪਤਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿੰਡ ਚੂੜਚੱਕ ਦੇ ਗੁਆਂਢ ‘ਚ ਬਣੇ ਡੇਰੇ ਦੇ ਹਾਲ ‘ਚ ਪਲਾਸਟਰ ਦਾ ਕੰਮ ਚੱਲ ਰਿਹਾ ਸੀ ਅਤੇ ਡੇਰੇ ‘ਚ ਉੱਚੀ-ਉੱਚੀ ਗੀਤ ਵੱਜ ਰਹੇ ਸਨ।
ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਉਨ੍ਹਾਂ ਨੂੰ ਉੱਚੀ ਆਵਾਜ਼ ਵਿੱਚ ਗਾਉਣ ਤੋਂ ਰੋਕਦਾ ਸੀ ਅਤੇ ਇਸ ਬਾਰੇ ਕਈ ਵਾਰ ਡੇਰਾ ਕਮੇਟੀ ਨੂੰ ਜਾਣੂ ਕਰਵਾਇਆ ਸੀ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ। ਤੇਜ਼ ਆਵਾਜ ਨਾਲ ਚੱਲਦੇ ਗਾਣਿਆਂ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਪਤੀ ਨੇ ਜ਼ਹਿਰ ਨਿਗਲ ਲਿਆ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏਐਸਆਈ ਬੂਟਾ ਸਿੰਘ ਨੇ ਦੱਸਿਆ ਕਿ ਪਿੰਡ ਚੂੜਚੱਕ ਦੇ ਰਹਿਣ ਵਾਲੇ ਨੌਜਵਾਨ ਗੁਰਦੀਪ ਸਿੰਘ ਨੇ ਜ਼ਹਿਰੀਲੀ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੇ ਚਚੇਰੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ 4 ਵਿਅਕਤੀਆਂ ਖ਼ਿਲਾਫ਼ ਆਈਪੀਸੀ 306, 120ਬੀ ਤਹਿਤ ਪਰਚਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।