ਯਮੁਨਾਨਗਰ: ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ (Yamunanagar District) ‘ਚ ਖੇਤਾਂ ‘ਚੋਂ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ (The District Administration) ਨੇ ਫ਼ੈਸਲਾ ਕੀਤਾ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
ਜੇਕਰ ਹੁਣ ਕੋਈ ਵੀ ਕਿਸਾਨ ਆਪਣੇ ਖੇਤ ਵਿੱਚ ਪਰਾਲੀ ਸਾੜਦਾ ਹੈ ਤਾਂ ਉਸ ਖ਼ਿਲਾਫ਼ ਸਿੱਧੇ ਥਾਣੇ ਵਿੱਚ ਐਫ.ਆਈ.ਆਰ. ਦਰਜ ਕਰਵਾਈ ਜਾਵੇਗੀ। ਜਦੋਂ ਕਿ ਇਸ ਤੋਂ ਪਹਿਲਾਂ ਪਰਾਲੀ ਨੂੰ ਅੱਗ ਲਗਾਉਣ ‘ਤੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਜੁਰਮਾਨਾ ਲਾਉਣ ਦੀ ਵਿਵਸਥਾ ਸੀ। ਪ੍ਰਸ਼ਾਸਨ ਦੇ ਇਸ ਫ਼ੈਸਲੇ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਾਫੀ ਕਮੀ ਆ ਸਕਦੀ ਹੈ। ਹਾਲਾਂਕਿ ਪਿਛਲੇ ਸਾਲ 98 ਮਾਮਲੇ ਸਾਹਮਣੇ ਆਏ ਸਨ। ਜਦਕਿ ਇਸ ਵਾਰ ਇਨ੍ਹਾਂ ਮਾਮਲਿਆਂ ‘ਚ ਕਾਫੀ ਕਮੀ ਆਈ ਹੈ।
ਦੱਸ ਦੇਈਏ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 20 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 11 ਟਰੇਸ ਕੇਸਾਂ ਵਿੱਚ ਕਿਸਾਨਾਂ ਨੂੰ 27500 ਰੁਪਏ ਜੁਰਮਾਨਾ ਕੀਤਾ ਗਿਆ ਹੈ। ਕਿਸਾਨਾਂ ਨੇ ਇਹ ਸਾਰਾ ਜੁਰਮਾਨਾ ਅਦਾ ਵੀ ਕੀਤਾ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਦੋਸ਼ ਵਿੱਚ ਹੁਣ ਤੱਕ ਸਿਰਫ਼ ਇੱਕ ਐਫ.ਆਈ.ਆਰ. ਦਰਜ ਕੀਤੀ ਹੈ। ਪਿਛਲੇ ਹਫ਼ਤੇ ਇਹ ਮਾਮਲਾ ਘਿਲੌਰ ਪਿੰਡ ਦੇ ਇੱਕ ਕਿਸਾਨ ਖ਼ਿਲਾਫ਼ ਰਾਦੌਰ ਥਾਣੇ ਵਿੱਚ ਦਰਜ ਕੀਤਾ ਗਿਆ ਸੀ।